ਜਲੰਧਰ : ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈਆਂ ਕਈ ਬੈਠਕਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਜਾਰੀ ਹੈ। ਇਸ ਬਾਬਤ ਦਿੱਲੀ ਵਿਖੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਜਿਥੇ ਇੱਕ ਪਾਸੇ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ, ਉਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਵੀ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ।
ਫਿਲੌਰ 'ਚ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ
ਜਲੰਧਰ ਦੇ ਕਸਬਾ ਫਿਲੌਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ। ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਸੰਘਰਸ਼ ਕਰ ਰਹੀ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਦੇਣ ਦੀ ਗੱਲ ਆਖੀ।
ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀ ਨੂੰ ਲੈ ਕੇ ਫਿਲੌਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਟਰੈਕਟਰ ਮਾਰਚ ’ਚ ਸ਼ਾਮਲ ਹੋਏ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਜੇਕਰ ਕੇਂਦਰ ਸਰਕਾਰ ਇਸ ਤਰ੍ਹਾਂ ਟਾਲ ਮਟੋਲ ਕਰਦੀ ਰਹੀ ਤਾਂ 26 ਜਨਵਰੀ (ਗਣਤੰਤਰ ਦਿਵਸ) ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਜਿਸ ਸਬੰਧੀ ਪਹਿਲਾਂ ਦੀ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਤਾਂ ਜੋ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।