ਜਲੰਧਰ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਤੇ ਹਰਿਆਣਾ ਦੇ ਕਿਸਾਨ ਲਗਾਤਾਰ ਦਿੱਲੀ 'ਚ ਧਰਨਾ ਦੇ ਰਹੇ ਹਨ। ਵੱਡੀ ਗਿਣਤੀ 'ਚ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਹੁਣ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਗਏ ਹਨ।
ਜਲੰਧਰ: ਆੜ੍ਹਤੀਆਂ ਨੇ ਮੰਡੀਆਂ ਬੰਦ ਰੱਖ ਕੀਤਾ ਭਾਰਤ ਬੰਦ ਦਾ ਸਮਰਥਨ
ਕਿਸਾਨਾਂ ਦੇ ਸੱਦੇ 'ਤੇ ਅੱਜ ਪੂਰੇ ਦੇਸ਼ 'ਚ ਭਾਰਤ ਬੰਦ ਦਾ ਅਸਰ ਵਿਖਾਈ ਦੇ ਰਿਹਾ ਹੈ। ਵੱਡੀ ਗਿਣਤੀ 'ਚ ਲੋਕਾਂ ਤੇ ਦੁਕਾਨਦਾਰਾਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।
ਕਿਸਾਨਾਂ ਦੇ ਸੱਦੇ 'ਤੇ ਭਾਰਤ ਬੰਦ ਦਾ ਸਮਰਥਨ ਕਰਦਿਆਂ ਸ਼ਹਿਰ ਦੇ ਆੜ੍ਹਤੀਆਂ ਨੇ ਅੱਜ ਪੂਰੀ ਤਰ੍ਹਾਂ ਮੰਡੀਆਂ ਬੰਦ ਕੀਤੀ ਹਨ। ਇਸ ਬਾਰੇ ਦੱਸਦੇ ਹੋਏ ਕਿਸਾਨ ਅਮਰੀਕ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਮਕਸੂਦਾ ਮੰਡੀ ਪੂਰੀ ਤਰ੍ਹਾਂ ਬੰਦ ਰੱਖੀ ਗਈ ਹੈ। ਉਨ੍ਹਾਂ ਆਖਿਆ ਕਿ ਮੰਡੀ ਦੇ ਤਿੰਨੋਂ ਗੇਟਾਂ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਬਾਹਰ ਕਿਸਾਨਾਂ ਦੇ ਟਰੈਕਟਰ ਖੜੇ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਆੜ੍ਹਤੀਆਂ ਨੂੰ ਸਾਥ ਦੇਣ ਲਈ ਧੰਨਵਾਦ ਕਿਹਾ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਆੜ੍ਹਤੀ ਬੇਹਦ ਚੰਗੇ ਤਰੀਕੇ ਨਾਲ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਭਾਰਤ ਬੰਦ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਹਨ। ਅਮਰੀਕ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਜਬਰਨ ਕਿਸਾਨਾਂ 'ਤੇ ਇਹ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਕਿਸਾਨ ਵਿਰੋਧ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤਕ ਇਹ ਕਿਸਾਨ ਅੰਦੋਲਨ ਜਾਰੀ ਰਹੇਗਾ।