ਜਲੰਧਰ: ਜ਼ਿਲ੍ਹੇ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਆਪਣੀ ਤਨਖ਼ਾਹ 'ਚ ਕਟੌਤੀ ਤੇ ਹੱਕੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਨਬੱਸ ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਪੰਜਾਬ ਰੋਡਵੇਜ਼ ਦੇ ਦਫਤਰ ਬਾਹਰ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ ਤੇ ਜਮ ਕੇ ਨਾਅਰੇਬਾਜ਼ੀ ਕੀਤੀ।
ਪਨਬੱਸ ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਜਲੰਧਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਤਨਖ਼ਾਹ 'ਚ ਕਟੌਤੀ ਕੀਤੇ ਜਾਣ 'ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦਾ ਵਿਰੋਧ ਕੀਤਾ।
ਪਨਬੱਸ ਕੰਡਕਟਰ ਯੂਨੀਅਨ ਦੇ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਲਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਵਾਅਦਾ ਕੀਤਾ ਸੀ। ਉਸ ਸਮੇਂ ਸਾਲ 2016 'ਚ ਬਣੇ ਵਰਕਰਜ਼ ਵੈਲਫੇਅਰ ਐਕਟ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ। ਬਲਕਿ ਇਸ ਤੋਂ ਉਲਟ ਕਈ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਇਆ ਜਾ ਰਿਹਾ ਹੈ।
ਇਸ ਬਾਰੇ ਦੱਸਦੇ ਹੋਏ ਪਨਬੱਸ ਕੰਡਕਟਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਚਲਦੇ ਕੰਡਕਟਰਾਂ ਦੀ 25 ਫੀਸਦੀ ਤਨਖ਼ਾਹ ਦੀ ਕਟੌਤੀ ਕੀਤੀ ਜਾ ਰਹੀ ਹੈ। ਜਦੋਂ ਕਿ ਉਨ੍ਹਾਂ ਨੂੰ ਕੰਟਰੈਕਟ ਬੇਸ 'ਤੇ ਸਿਰਫ 10 ਹਜ਼ਾਰ ਰੁਪਏ ਹੀ ਮਿਲਦੇ ਹਨ। ਉਸ ਵਿੱਚੋਂ ਵੀ 25 ਫੀਸਦੀ ਦੀ ਕਟੌਤੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ।