ਜਲੰਧਰ:ਪੰਜਾਬ ਵਿੱਚ 2022 ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਚਲਦੇ ਹਰ ਰਾਜਨੀਤਿਕ ਪਾਰਟੀ ਆਪਣਾ ਆਪਣਾ ਹੋਮ ਵਰਕ ਕਰਨ ਵਿਚ ਲੱਗੀ ਹੋਈ ਹੈ।
ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਵੱਖ ਵੱਖ ਤਰ੍ਹਾਂ ਦੇ ਲੁਭਾਵਣੇ ਵਾਅਦੇ ਕਰ ਰਹੀਆਂ ਹਨ। ਹਰ ਪਾਰਟੀ ਆਪਣੇ ਮੈਨੀਫੈਸਟੋ ਵਿੱਚ ਲੋਕ ਭਲਾਈ ਅਤੇ ਪੰਜਾਬ ਦੇ ਵਿਕਾਸ ਦੀ ਗੱਲ ਕਰ ਰਹੀ ਹੈ।
ਉਧਰ ਦੂਸਰੇ ਪਾਸੇ ਅਲੱਗ ਅਲੱਗ ਸਮਾਜ ਦੇ ਵਰਗ ਦੇ ਲੋਕਾਂ ਅਤੇ ਵੋਟਰਾਂ ਨੇ ਵੀ ਇਨ੍ਹਾਂ ਪਾਰਟੀਆਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਕੀਤੀ। ਇਸੇ ਦੇ ਚੱਲਦੇ ਅੱਜ ਵੀਰਵਾਰ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਸੰਤ ਸਮਾਜ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ(Sant Baba Balbir Singh Seechewal) ਦੀ ਅਗਵਾਈ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ।
ਪਾਰਟੀਆਂ ਚੋਣ ਮੈਨੀਫੈਸਟੋ ਵਿੱਚ ਵਾਤਾਵਰਣ ਨੂੰ ਬਣਾਉਣ ਅਹਿਮ ਮੁੱਦਾ: ਸੰਤ ਬਲਬੀਰ ਸਿੰਘ ਸੀਚੇਵਾਲ ਇਸ ਪ੍ਰੈੱਸ ਕਾਨਫ਼ਰੰਸ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ(Sant Baba Balbir Singh Seechewal) ਦੇ ਨਾਲ ਨਾਲ ਸੰਤ ਸਮਾਜ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਕਈ ਵਿਅਕਤੀਆਂ ਨੇ ਹਿੱਸਾ ਲਿਆ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਗਿਆ ਕਿ ਜਦੋਂ ਦਾ ਦੇਸ਼ ਆਜ਼ਾਦ ਹੋਇਆ ਹੈ, ਉਸ ਵੇਲੇ ਤੋਂ ਹੁਣ ਤੱਕ ਪੰਜਾਬ ਵਿੱਚ ਜਿੱਥੇ ਪਾਣੀ ਦਾ ਲੈਵਲ ਲਗਾਤਾਰ ਨੀਵਾਂ ਹੁੰਦਾ ਜਾ ਰਿਹਾ ਹੈ। ਉਸ ਦੇ ਨਾਲ ਨਾਲ ਪ੍ਰਦੂਸ਼ਣ ਵੀ ਦਿਨ-ਬ-ਦਿਨ ਵੱਧਦਾ ਜਾ ਰਿਹਾ।
ਸੰਤ ਬਾਬਾ ਸੀਚੇਵਾਲ ਨੇ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਨੇ ਪਰ ਕਿਸੇ ਵੀ ਸਰਕਾਰ ਦਾ ਪੂਰੀ ਤਰ੍ਹਾਂ ਪਰਿਆਵਰਣ ਨੂੰ ਸੁਧਾਰਨ ਵੱਲ ਧਿਆਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਹੁਣ ਜਦ ਪੰਜਾਬ ਵਿੱਚ ਇੱਕ ਵਾਰ ਫੇਰ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਨੇ ਉਨ੍ਹਾਂ ਦੀ ਸੰਸਥਾ ਦੇ ਨਾਲ ਨਾਲ ਸੰਤ ਸਮਾਜ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਨੂੰ ਉਠਾਉਂਦੇ ਹੋਏ ਮੰਗ ਕੀਤੀ ਜਾ ਰਹੀ ਹੈ ਕਿ ਰਾਜਨੀਤਿਕ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ਵਿਚ ਵਾਤਾਵਰਨ ਦੀ ਸੰਭਾਲ ਨੂੰ ਦੇਖਦੇ ਹੋਏ ਆਪਣੇ ਐਕਸ਼ਨ ਪਲੈਨ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਚਾਹੀਦਾ ਹੈ ਕਿ ਪਰਿਆਵਰਣ ਦੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਰੱਖਿਆ ਜਾਵੇ, ਕਿਉਂਕਿ ਇਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਜੁੜੀ ਹੋਈ ਹੈ। ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ(Sant Baba Balbir Singh Seechewal) ਨੇ ਆਪਣੀਆਂ ਮੰਗਾਂ ਵਿਚ ਕਿਹਾ ਹੈ ਕਿ ...
- ਧਰਤੀ ਵਿੱਚ ਪਾਣੀ ਦਾ ਲੈਵਲ ਜੋ ਲਗਾਤਾਰ ਨੀਵਾਂ ਜਾ ਰਿਹਾ ਹੈ ਉਸ ਨੂੰ ਕਿਸੇ ਤਰ੍ਹਾਂ ਰੋਕਿਆ ਜਾਵੇ ਤਾਂ ਕਿ ਆਉਣ ਵਾਲੀਆਂ ਪੀੜੀਆਂ ਲਈ ਇਸ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
- ਦਰਿਆਵਾਂ ਅਤੇ ਜਲ ਸਰੋਤਾਂ ਵਿੱਚ ਹੋ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾਵੇ।
- ਹਵਾ ਪ੍ਰਦੂਸ਼ਣ ਨੂੰ ਸਾਫ ਸੁਥਰਾ ਰੱਖਿਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਇੱਕ ਸਾਫ਼ ਵਾਤਾਵਰਣ ਮਿਲ ਸਕੇ।
- ਸ਼ਹਿਰ ਵਿਚ ਗੰਦਗੀ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕੀਤਾ ਜਾਵੇ।
- ਜੰਗਲਾਤ ਰਕਬੇ ਨੂੰ ਦਸ ਪ੍ਰਤੀਸ਼ਤ ਵਧਾਇਆ ਜਾਵੇ।
- ਤਾਂਕਿ ਜੰਗਲਾਂ ਅਤੇ ਦਰਿਆਵਾਂ ਦੇ ਨੇੜਲੇ ਇਲਾਕਿਆਂ ਦੀ ਸਹੀ ਸੰਭਾਲ ਹੋ ਸਕੇ।
- ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਪਬਲਿਕ ਦੀ ਜਵਾਬਦੇਹੀ ਦਾ ਇਕ ਖੁਦਮੁਖਤਿਆਰ ਅਦਾਰਾ ਬਣਾਇਆ ਜਾਵੇ।
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸੇ ਦੇ ਚੱਲਦੇ 20 ਤਰੀਕ ਨੂੰ ਲੁਧਿਆਣਾ ਵਿਖੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ ਤਾਂ ਕਿ ਉਨ੍ਹਾਂ ਨਾਲ ਇਸ ਸਲਾਹ ਕੀਤੀ ਜਾ ਸਕੇ ਕਿ ਕਿਸ ਤਰ੍ਹਾਂ 1974 ਅਤੇ 1981 ਦੇ ਪਰਿਆਵਰਣ ਐਕਟ ਨੂੰ ਲਾਗੂ ਕਰਵਾਇਆ ਜਾਏ।
ਇਹ ਵੀ ਪੜ੍ਹੋ: ਆੜਤੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ