ਲੁਧਿਆਣਾ: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਅੰਦਰ ਸਕੂਲ ਦੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਵੱਲੋਂ 80 ਸਾਲਾ ਬਜ਼ੁਰਗ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਪਿੰਡ ਸਿਹੌੜਾ ਸਥਿਤ ਸ਼ਹੀਦਗੜ੍ਹ ਪਬਲਿਕ ਸਕੂਲ ਦੇ ਸਾਬਕਾ ਡਾਇਰੈਕਟਰ ਅਜੀਤ ਸਿੰਘ ਦੀ ਸਾਬਕਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਕੁੱਟਮਾਰ ਕਰਨ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਤੋਂ ਬਾਅਦ ਇਹ ਕੁੱਟਮਾਰ ਕੀਤੀ ਗਈ, ਪਿੰਡ ਦੇ ਲੋਕਾਂ ਨੇ ਅਜੀਤ ਸਿੰਘ ਦਾ ਸਮਰਥਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਾਇਲ ਪੁਲਿਸ ਨੇ ਪੀੜਤ ਅਜੀਤ ਸਿੰਘ ਦੀ ਸ਼ਿਕਾਇਤ ’ਤੇ ਤਿੰਨ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਜਿਨ੍ਹਾਂ ਵਿੱਚ ਅਮਰਜੀਤ ਸਿੰਘ, ਨਰਿੰਦਰ ਸਿੰਘ ਅਤੇ ਜਤਿੰਦਰ ਸਿੰਘ ਸ਼ਾਮਲ ਹਨ, ਐਫਆਈਆਰ ਵਿੱਚ ਇਨ੍ਹਾਂ ਤਿੰਨਾਂ ਦੇ ਆਈਪੀਸੀ ਦੀ ਧਾਰਾ 295, 323, 506 ਅਤੇ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।