ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਲੋਕ ਸੰਪਰਕ ਵਿਭਾਗ ਨਾਲ ਮਿਲ ਕੇ 'ਮਿਸ਼ਨ ਫਤਿਹ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਲੁਧਿਆਣਾ ਤੋਂ ਅੱਜ ਚਾਰ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਗੱਡੀਆਂ ਜ਼ਿਲ੍ਹੇ ਭਰ 'ਚ ਘੁੰਮ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨਗੀਆਂ।
ਹੁਣ ਤੱਕ ਲੁਧਿਆਣਾ ਤੋਂ ਕੁੱਲ 60 ਗੱਡੀਆਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਗੱਡੀਆਂ ਉੱਤੇ ਵਿਸ਼ੇਸ਼ ਹੋਰਡਿੰਗਸ ਲਗਾਏ ਗਏ ਹਨ। ਕੋਵਿਡ-19 ਤੋਂ ਬਚਾਅ ਲਈ ਰੇਡੀਓ, ਸੋਸ਼ਲ ਮੀਡੀਆ ਅਤੇ ਹੋਰਨਾਂ ਕਈ ਵੱਖ-ਵੱਖ ਤਰੀਕੀਆਂ ਨਾਲ ਲੋਕਾਂ ਮਿਸ਼ਨ ਫਤਿਹ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਬਚਾਅ ਕੀਤਾ ਜਾ ਸਕੇ।
ਇਸ ਸਬੰਧੀ ਜਾਣਕਾਰੀ ਦੱਸਦੇ ਹੋਏ ਲੁਧਿਆਣਾ ਦੇ ਐੱਸਡੀਐੱਮ ਅਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਮਿਸ਼ਨ ਦਾ ਮੰਤਵ ਇਸ ਬਿਮਾਰੀ ਉੱਤੇ ਠੱਲ੍ਹ ਪਾਉਣਾ ਹੈ। ਇਨ੍ਹਾਂ ਗੱਡੀਆਂ ਨੂੰ ਚਲਾਉਣ ਦਾ ਮੁੱਖ ਟੀਚਾ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵੱਧ ਤੋਂ ਵੱਧ ਲੋਕ ਇਸ ਬਿਮਾਰੀ ਪ੍ਰਤੀ ਜਾਗਰੂਕ ਹੋਣਗੇ ਤਾਂ ਪੰਜਾਬ ਨੂੰ ਕੋਰੋਨਾ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਲੋਕ ਸੰਪਰਕ ਵਿਭਾਗ ਦੇ ਸਯਿਹੋਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੱਡੀਆਂ ਰਾਹੀਂ ਘਰ-ਘਰ ਇਹ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ ਕਿ ਲੋਕ ਘਰਾਂ 'ਚ ਰਹਿਣ, ਸਿਹਤ ਵਿਭਾਗ ਤੇ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।