ਲੁਧਿਆਣਾ: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬੀਤੇ ਦਿਨੀਂ ਕੀਤੀ ਪ੍ਰੈਸ ਕਾਨਫਰੰਸ ਕਰਦੇ ਹੋਏ ਭਾਜਪਾ ਉੱਤੇ ਉਨ੍ਹਾਂ ਦੇ ਵਿਧਾਇਕਾਂ ਲਈ ਖ਼ਰੀਦੋ-ਫਰੋਖਤ ਦੇ ਲਾਏ ਇਲਜ਼ਾਮਾਂ ਨੂੰ ਲੈਕੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਦੀ ਨੀਂਹ ਹੀ ਝੂਠ ਦੇ ਨਾਲ ਸ਼ੁਰੂ ਹੋਈ ਹੋਵੇ ਕਿ ਉਸ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਆਪਣੇ ਸਿੱਖਿਆ ਮੰਤਰੀ ਨੂੰ ਵੀ ਆਮ ਆਦਮੀ ਪਾਰਟੀ ਵਾਲੇ ਖੁਦ ਹੀ ਕਲੀਨ ਚਿੱਟ ਦੇ ਰਹੇ ਹਨ, ਜਦਕਿ ਸੀਬੀਆਈ ਅਤੇ ਹੋਰ ਏਜੰਸੀਆਂ ਹਾਲੇ ਜਾਂਚ ਕਰ ਰਹੀਆਂ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਂ 'ਤੇ ਵੱਡੇ ਘੱਪਲੇ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਇਸ ਕਰਕੇ ਉਨ੍ਹਾਂ ਦੇ ਜਿੰਨੇ ਵੀ ਵਿਧਾਇਕ ਹਨ, ਉਨ੍ਹਾਂ ਦੇ ਪ੍ਰੈਸ਼ਰ ਵਿੱਚ ਹਨ।