ਲੁਧਿਆਣਾ: ਅਵਾਰਾ ਪਸ਼ੂਆਂ 'ਤੇ ਠੱਲ੍ਹ ਪਾਉਣ ਲਈ ਕਾਰਪੋਰੇਸ਼ਨ ਦੀ ਮਦਦ ਨਾਲ ਐਨੀਮਲ ਬਰਥ ਕੰਟਰੋਲ(Animal birth control) ਦੇ ਨਵੇਂ ਸੈਂਟਰ ਦਾ ਪੰਜਾਬ ਦੇ ਕੈਬਿਨੇਟ ਮੰਤਰੀ(Cabinet Minister) ਭਾਰਤ ਭੂਸ਼ਣ ਆਸ਼ੂ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ 'ਚ ਜੋ ਆਵਾਰਾ ਪਸ਼ੂਆਂ ਦੀ ਸਮੱਸਿਆ ਸੀ, ਉਸ 'ਤੇ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਹੈ ਅਤੇ ਇਸ ਨਾਲ ਅਵਾਰਾ ਪਸ਼ੂਆਂ ਦੀ ਜਨਸੰਖਿਆ 'ਤੇ ਕੰਟਰੋਲ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਥੇ ਵਿਸ਼ੇਸ਼ ਤੌਰ 'ਤੇ ਡਾਕਟਰਾਂ ਦੀ ਡਿਊਟੀ ਵੀ ਲਗਾਈ ਗਈ ਹੈ, ਜੋ ਪਸ਼ੂਆਂ ਦੀ ਜਾਂਚ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦਾ ਸਾਰਾ ਖਰਚਾ ਕਾਰਪੋਰੇਸ਼ਨ ਵੱਲੋਂ ਹੀ ਚੁੱਕਿਆ ਜਾਵੇਗਾ।
ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਪੁੱਛਿਆ ਕਿ ਇਸ ਸਮਾਗਮ ਵਿੱਚ ਵੱਡਾ ਇਕੱਠ ਹੋਇਆ ਹੈ ਤਾਂ ਉਨ੍ਹਾਂ ਕਿਹਾ ਕਿ ਜ਼ਿਆਦਾ ਇਕੱਠ ਤਾਂ ਪੱਤਰਕਾਰਾਂ ਦਾ ਹੀ ਹੈ। ਜੇਕਰ ਤੁਸੀਂ ਕਹੋ ਤਾਂ ਅੱਗੇ ਤੋਂ ਤੁਹਾਨੂੰ ਨਹੀਂ ਬੁਲਾਇਆ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਫੋਟੋ ਲਾਉਣੀ ਹੈ ਤਾਂ ਲਗਾ ਦਿਓ, ਮੈਂ ਖੁਦ ਹੀ ਇਸ ਦਾ ਜਵਾਬ ਦੇ ਦਵਾਂਗਾ।