ਲੁਧਿਆਣਾ : ਸ਼ਹਿਰ 'ਚ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਸਣੇ ਕਈ ਵਰਕਰ ਤੇ ਆਗੂਆਂ ਨੇ ਹਿੱਸਾ ਲਿਆ। ਬੈਠਕ ਦੇ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਹੋਈ।
ਖੇਤੀ ਤੇਲਿਆਂ ਦੇ ਆਰਡੀਨੈਂਸ ਹੈ ਸੂਬਾ ਵਿਰੋਧੀ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਸੂਬਾ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀਬਾੜੀ ਖ਼ੇਤਰ 'ਚ ਲਿਆਂਦੇ ਗਏ ਨਵੇਂ ਆਰਡੀਨੈਂਸ ਦਾ ਉਹ ਜ਼ੋਰਦਾਰ ਵਿਰੋਧ ਕਰਦੇ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਅਜਿਹਾ ਕਰਕੇ ਸੂਬਾ ਸਰਕਾਰ ਦੀਆਂ ਤਾਕਤਾਂ ਖ਼ਤਮ ਕਰਨ ਦੀ ਸਾਜਿਸ਼ ਕਰ ਰਹੀ ਹੈ ਕਿਉਂਕਿ ਖੇਤੀਬਾੜੀ ਸੂਬਾ ਸਰਕਾਰ ਦਾ ਮਹਿਕਮਾ ਹੈ ਤੇ ਕੇਂਦਰ ਸਰਕਾਰ ਇਸ ਨੂੰ ਆਪਣੇ ਅਧੀਨ ਨਹੀਂ ਰੱਖ ਸਕਦੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਲੋਕ ਇਨਸਾਫ ਪਾਰਟੀ ਵੱਲੋਂ ਇਸ ਆਰਡੀਨੈਂਸ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਰਾਦਾ ਹੁਣ ਜੱਗ ਜ਼ਾਹਿਰ ਹੋ ਚੁੱਕਿਆ ਹੈ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖ਼ਤਮ ਕਰਨ ਲਈ ਇਹ ਆਰਡੀਨੈਂਸ ਲਿਆ ਰਹੀ ਹੈ। ਕਿਉਂਕਿ ਇਸ ਦੇ ਅਧੀਨ 'ਇੱਕ ਦੇਸ਼ ਇੱਕ ਮੰਡੀ' ਦੀ ਗੱਲ ਕਹੀ ਗਈ ਹੈ।
ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਕੋਈ ਵਿਵਾਦਿਤ ਬਿਆਨ ਨਹੀਂ ਦੇਣਾ ਚਾਹੁੰਦੇ ਪਰ ਕਾਲੇ ਦੌਰ ਉੱਤੇ ਬਹਿਸ ਹੋਣੀ ਚਾਹੀਦੀ ਹੈ। ਸਾਰੇ ਵਿਦਵਾਨਾਂ ਨੂੰ ਇਸ ਉੱਤੇ ਵਿਚਾਰ ਚਰਚਾ ਕਰਨੀ ਚਾਹੀਦੀ ਹੈ ਕਿ ਕਾਲਾ ਦੌਰ ਪੰਜਾਬ 'ਤੇ ਕਿਉਂ ਆਇਆ, ਕਿਉਂ ਪੰਜਾਬ ਕਰਜ਼ਾਈ ਹੋਇਆ। ਬੀਜ ਘੋਟਾਲੇ ਨੂੰ ਲੈ ਕੇ ਉਨ੍ਹਾਂ ਮੁੜ ਤੋਂ ਆਪਣੀ ਸਫਾਈ ਦਿੰਦਿਆਂ ਆਖਿਆ ਕਿ ਬੀਜ ਘੁਟਾਲਾ ਸਭ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੇ ਉਜਾਗਰ ਕੀਤਾ ਸੀ ਅਤੇ ਜੋ ਕੋਈ ਵੀ ਇਸ ਵਿੱਚ ਸ਼ਾਮਿਲ ਹੈ ਭਾਵੇਂ ਉਹ ਕਿਸੇ ਵੀ ਪਾਰਟੀ ਤੋਂ ਸਬੰਧਤ ਹੋਵੇ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।