ਲੁਧਿਆਣਾ: ਭਾਰਤ ਸਰਕਾਰ ਪਿਛਲੇ 23 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧ ਹੋਣ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ 'ਤੇ ਲੁਧਿਆਣਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਗਧੇ ਉੱਤੇ ਚੜ੍ਹ ਕੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਤੇਲ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਲੁਧਿਆਣਾ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ 'ਚ ਭਾਜਪਾ ਸਰਕਾਰ ਮਹਿਜ਼ ਆਪਣਾ ਫਾਇਦਾ ਵੇਖ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਦੌਰਾਨ ਪਹਿਲਾਂ ਤੋਂ ਹੀ ਲੋਕ ਬੇਹੱਦ ਪਰੇਸ਼ਾਨ ਹਨ। ਕੇਂਦਰ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਵਧਾ ਕੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨ ਵੀ ਬੇਹੱਦ ਪਰੇਸ਼ਾਨ ਹਨ। ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਟਰੈਕਟਰ ਤੇ ਮਸ਼ੀਨ ਚਲਾਉਣ ਲਈ ਪੈਟਰੋਲ ਤੇ ਡੀਜ਼ਲ ਦੀ ਲੋੜ ਪੈਂਦੀ ਹੈ, ਪਰ ਤੇਲ ਦੀਆਂ ਕੀਮਤਾਂ ਵਧਣ ਨਾਲ ਉਨ੍ਹਾਂ ਲਈ ਝੋਨੇ ਦੀ ਬਿਜਾਈ 'ਤੇ ਲਾਗਤ ਵੱਧ ਜਾਵੇਗੀ। ਆਰਥਿਕ ਮੰਦੀ ਦੇ ਇਸ ਸਮੇਂ ਵਿੱਚ ਮਹਿੰਗਾਈ ਵਧਣ ਨਾਲ ਆਮ ਲੋਕਾਂ ਦੀ ਜੇਬਾਂ 'ਤੇ ਵਾਧੂ ਭਾਰ ਪੈ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਉਨ੍ਹਾਂ ਨੇ ਗਧੇ 'ਤੇ ਰੋਸ ਪ੍ਰਦਰਸ਼ਨ ਇਸ ਲਈ ਕੀਤਾ ਕਿਉਂਕਿ ਤੇਲ ਦੀਆਂ ਕੀਮਤਾਂ ਵੱਧ ਹੋਣ ਦੇ ਚਲਦੇ ਉਹ ਵਾਹਨਾਂ ਦੀ ਵਰਤੋਂ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ।