ਲੁਧਿਆਣਾ: ਪੰਜਾਬ ਭਰ ਵਿੱਚ ਨਿੱਜੀ ਹਸਪਤਾਲਾਂ ਵੱਲੋਂ ਪੰਜਾਬ ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਨੂੰ ਲਾਗੂ ਕਰਨ ਦੀ ਯੋਜਨਾ ਦਾ ਵਿਰੋਧ ਕਰਦੇ ਹੋਏ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਡਾਕਟਰਾਂ ਨੇ ਪ੍ਰਦਰਸ਼ਨ ਕੀਤੇ। ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧ ਕਰ ਰਹੇ ਡਾਕਟਰਾਂ ਅਤੇ ਹਸਪਤਾਲ ਦੇ ਮੁਲਾਜ਼ਮਾਂ ਵਿਚਕਾਰ ਖਿੱਚ ਧੂਹ ਹੋ ਗਈ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੀਨੀਅਰ ਉਪ-ਪ੍ਰਧਾਨ ਡਾਕਟਰ ਗੌਰਵ ਸਚਦੇਵਾ ਨੇ ਕਿਹਾ ਕਿ ਡੀਐੱਮਸੀ ਦੇ ਡਾਕਟਰ ਉਨ੍ਹਾਂ ਦਾ ਸਾਥ ਦੇ ਰਹੇ ਹਨ ਪਰ ਹਸਪਤਾਲ ਦਾ ਪ੍ਰਸ਼ਾਸਨ ਉਨ੍ਹਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਸ਼ਾਂਤਮਈ ਪ੍ਰਦਰਸ਼ਨ ਨੂੰ ਹਸਪਤਾਲ ਦੇ ਸੁਰੱਖਿਆ ਅਮਲੇ ਨੇ ਹੰਗਾਮੇ ਵਾਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਸਰਕਾਰ ਦਾ ਇਸ ਐਕਟ ਨੂੰ ਲਾਗੂ ਕਰਨ ਦਾ ਫੈਸਲਾ ਡਾਕਟਰਾਂ ਅਤੇ ਆਮ ਲੋਕਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਇਸ ਨਾਲ ਆਮ ਲੋਕਾਂ ਲਈ ਇਲਾਜ ਹੋਰ ਮਹਿੰਗਾ ਹੋ ਜਾਵੇਗਾ।