ਲੁਧਿਆਣਾ: ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਨੂੰ ਪੂਰੇ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨ, ਮਜ਼ਦੂਰ, ਦੁਕਨਾਦਾਰ ਆੜਤੀਏ ਅਤੇ ਪੰਜਾਬ ਦਾ ਹਰ ਵਰਗ ਕੇਂਦਰ ਸਰਕਾਰ ਦੇ ਕਿਸਾਨ ਤੇ ਲੋਕ ਮਾਰੂ ਇਨ੍ਹਾਂ ਖੇਤੀ ਆਰਡੀਨੈਂਸਾਂ ਵਿਰੁੱਧ ਸੜਕਾਂ 'ਤੇ ਹਨ। ਇਸੇ ਤਹਿਤ ਹੀ ਲੁਧਿਆਣਾ ਵਿੱਚ ਵੀ ਮੁਸਲਿਮ ਭਾਈਚਾਰੇ ਨੇ ਕਿਸਾਨਾਂ ਦਾ ਸਾਥ ਦੇਣ ਲਈ ਪੰਜਾਬ ਬੰਦ ਦੀ ਹਮਾਇਤ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜਤਾਇਆ।
ਪੰਜਾਬ ਬੰਦ ਦੌਰਾਨ ਕਿਸਾਨਾਂ ਦੇ ਹੱਕ 'ਚ ਆਇਆ ਮੁਸਲਿਮ ਭਾਈਚਾਰਾ ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਅੱਜ ਜਿੱਥੇ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ, ਉਥੇ ਹੀ ਕੇਂਦਰ ਦੀ ਮੋਦੀ ਸਰਕਾਰ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਵੀ ਐਲਾਨਿਆ ਹੈ।
ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਕਾਰਨ ਸੜਕਾਂ 'ਤੇ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਇਨ੍ਹਾਂ ਬਿੱਲਾਂ ਰਾਹੀਂ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ।
ਉਨ੍ਹਾਂ ਇੱਥੇ ਇਹ ਵੀ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਜੇਕਰ ਇਹ ਟੁੱਟ ਗਿਆ ਤਾਂ ਦੇਸ਼ ਤਬਾਹ ਹੋ ਜਾਵੇਗਾ, ਸ਼ਾਹੀ ਇਮਾਮ ਨੇ ਕਿਹਾ ਕਿ ਖ਼ਾਸ ਕਰਕੇ ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ।
ਸ਼ਾਹੀ ਇਮਾਮ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਭਾਈਚਾਰਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲੇਗਾ। ਉਨ੍ਹਾਂ ਕਿਹਾ ਕਿ ਭਾਵੇਂ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਇਹ ਬਿੱਲ ਪਾਸ ਹੋ ਗਿਆ ਪਰ ਇਸ ਦੇ ਬਾਵਜੂਦ ਉਹ ਇਸਦਾ ਵਿਰੋਧ ਕਰਣਗੇ ਤਾਂ ਜੋ ਸਰਕਾਰ ਇਸ ਨੂੰ ਵਾਪਸ ਲੈਣ ਲਈ ਮਜ਼ਬੂਰ ਹੋ ਜਾਵੇ।