ਲੁਧਿਆਣਾ : ਲੌਕਡਾਊਨ ਤੋਂ ਬਾਅਦ ਅੱਜ ਅੱਠਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਤੇਲ ਦੀਆਂ ਕੀਮਤਾਂ ਵਧਣ ਕਰਕੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸੋਸ਼ਲ ਮੀਡੀਆ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਇੱਕ ਸੰਦੇਸ਼ ਭੇਜਿਆ ਹੈ। ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਪਰ ਸਰਕਾਰ ਵੱਲੋਂ ਲਗਾਤਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ। ਇਸ ਦੌਰਾਨ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਹਜ਼ਾਰਾਂ ਲੀਟਰ ਡੀਜ਼ਲ ਦਾ ਇਸਤੇਮਾਲ ਕਰਨਾ ਪੈਂਦਾ ਹੈ ਪਰ ਲਗਾਤਾਰ ਡੀਜ਼ਲ ਦੇ ਰੇਟ ਵਧਣ ਕਾਰਨ ਕਿਸਾਨਾਂ ਨੂੰ ਫਸਲ 'ਤੇ ਵਧੇਰੇ ਲਾਗਤ ਲਾਉਣੀ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦਾ ਸਮਰਥਨ ਮੁੱਲ 53 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ ਜਦਕਿ ਪ੍ਰਤੀ ਲੀਟਰ ਡੀਜ਼ਲ ਦਾ ਰੇਟ ਇਸ ਤੋਂ ਵੀ ਵੱਧ ਹੈ। ਉਨ੍ਹਾਂ ਤੁਰੰਤ ਸਰਕਾਰ ਨੂੰ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਲਈ ਕਿਹਾ ਹੈ।
ਹਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਭਾਜਪਾ ਸਰਕਾਰ ਨੇ ਵਾਅਦਾ ਕੀਤਾ ਸੀ ਉਹ ਇੱਕ ਦੇਸ਼ ਇੱਕ ਮੰਡੀ ਦੀ ਤਜਵੀਜ਼ ਲਿਆਉਣਗੇ ਅਤੇ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਕਿਸਾਨਾਂ ਦੇ ਹੱਕ ਲਈ ਕੰਮ ਕਰਨਗੇ। ਉਨ੍ਹਾਂ ਆਖਿਆ ਕਿ ਕੇਂਦਰ 'ਚ ਸਰਕਾਰ ਬਣਨ ਤੋਂ ਬਾਅਦ ਭਾਜਪਾ ਸਰਕਾਰ ਵਾਅਦਾ ਖਿਲਾਫੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਨਾ ਘੱਟ ਕੀਤੀਆਂ ਗਈਆਂ ਤਾਂ ਉਹ ਕਿਸਾਨ ਆਰਡੀਨੈਂਸ ਤੇ ਕੀਮਤਾਂ ਨੂੰ ਲੈ ਕੇ ਸਰਕਾਰ ਵਿਰੁੱਧ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ।