ਲੁਧਿਆਣਾ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਸੂਬੇ 'ਚ 1451 ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਜਦ ਕਿ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 128 ਤੱਕ ਪਹੁੰਚ ਚੁੱਕਾ ਹੈ।
ਪ੍ਰਵਾਸੀ ਮਜ਼ਦੂਰਾਂ ਭੇਜਣ ਦੀ ਪ੍ਰਕੀਰਿਆ ਸ਼ੁਰੂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 3454 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਚੋਂ 3105 ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ਵਿੱਚੋਂ 2963 ਮਾਮਲੇ ਨੈਗੇਟਿਵ ਹਨ ਤੇ ਹੁਣ ਤੱਕ ਸ਼ਹਿਰ 'ਚ ਕੁੱਲ 128 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ 6 ਲੋਕ ਸਿਹਤਯਾਬ ਹੋ ਚੁੱਕੇ ਹਨ ਤੇ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੁਧਿਆਣਾ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬੇ ਪਹੁੰਚਾਉਣ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਸਬੰਧ 'ਚ ਕਰਫਿਊ ਤੋਂ ਬਾਅਦ ਅੱਜ ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਲਈ ਵਿਸ਼ੇਸ਼ ਰੇਲਗੱਡੀ ਰਾਤ ਸਮੇਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਰੇਲਗੱਡੀ 'ਚ ਰਜਿਸਟਰਡ ਲੋਕ ਹੀ ਸਫ਼ਰ ਕਰ ਸਕਣਗੇ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਸੇਜ਼ ਭੇਜਿਆ ਗਿਆ ਹੋਵੇਗੀ। ਇਸ ਗੱਡੀ ਦੇ ਸਾਰੇ ਯਾਤਰੀਆਂ ਦੀ ਸਕ੍ਰੀਨਿੰਗ ਕੀਤੇ ਜਾਣ ਮਗਰੋਂ ਹੀ ਉਨ੍ਹਾਂ ਇਸ 'ਚ ਭੇਜਿਆ ਜਾਵੇਗਾ। ਡੀਸੀ ਨੇ ਸਾਫ਼ ਕਿਹਾ ਕਿ ਸਾਰਿਆਂ ਨੂੰ ਨਿਯਮਾਂ ਦੀ ਸਖ਼ਤ ਪਾਲਣਾ ਕਰਨੀ ਹੋਵੇਗੀ ਅਤੇ ਨਿਯਮਾਂ ਨੂੰ ਤੋੜਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।