ਲੁਧਿਆਣਾ:ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਕੀਤੀ ਗਈ ਬਦਸਲੂਕੀ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੰਜਾਬ ਪੱਧਰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਿਹਤ ਮੰਤਰੀ ਦੇ ਨਾਲ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ।
ਇਸ ਦੌਰਾਨ ਆਈਐਮਏ ਦੇ ਡਾਕਟਰਾਂ ਨੇ ਸਿੱਧੇ ਤੌਰ ’ਤੇ ਸਿਹਤ ਮੰਤਰੀ ਨੂੰ ਅਨਪੜ੍ਹ ਕਹਿ ਕੇ ਬੋਲਿਆ ਅਤੇ ਕਿਹਾ ਕਿ ਜਿਵੇਂ ਸਕੱਤਰਾਂ ਨੂੰ ਦਿੱਲੀ ਦੇ ਵਿੱਚ ਕੇਜਰੀਵਾਲ ਸਰਕਾਰ ਨੇ ਸਿਖਲਾਈ ਦਿੱਤੀ ਹੈ ਉਸੇ ਤਰ੍ਹਾਂ ਪੰਜਾਬ ਦੇ ਮੰਤਰੀਆਂ ਨੂੰ ਵੀ ਦੇਣੀ ਚਾਹੀਦੀ ਹੈ। ਨਾਲ ਹੀ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੂੰ ਤੁਰੰਤ ਦਖ਼ਲ ਦੇ ਕੇ ਸਿਹਤ ਮੰਤਰੀ ਤੋਂ ਭਵਿੱਖ ਵਿਚ ਅਜਿਹੀ ਗਲਤੀ ਨਾ ਕਰਨ ਅਤੇ ਵਾਈਸ ਚਾਂਸਲਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ।
ਆਈਐੱਮਏ ਦੇ ਪ੍ਰਧਾਨ ਨੇ ਮੁਹੱਲਾ ਕਲੀਨਿਕਾਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿੱਚ ਡਿਸਪੈਂਸਰੀਆਂ ਅੰਦਰ ਦਵਾਈਆਂ ਨਹੀਂ ਪਹੁੰਚ ਰਹੀਆਂ ਹਨ। ਜੋ ਪਹਿਲਾਂ ਤੋਂ ਹੀ ਸਰਕਾਰੀ ਹਸਪਤਾਲ ਨੇ ਉਨ੍ਹਾਂ ਦੀ ਹਾਲਤ ਸੁਧਾਰਨੀ ਸਰਕਾਰ ਨੂੰ ਚਾਹੀਦੀ ਸੀ ਪਰ ਇਸਦੇ ਬਾਵਜੂਦ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਦਕਿ ਸਰਕਾਰੀ ਹਸਪਤਾਲਾਂ ਦੀ ਦੁਰਦਸ਼ਾ ਹੈ।