ਲੁਧਿਆਣਾ : ਸ਼ਹਿਰ ਦੇ ਟਿੱਬਾ ਰੋਡ 'ਤੇ ਬੀਤੀ ਸ਼ਾਮ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਲੁਧਿਆਣਾ ਪੁਲਿਸ ਨੇ ਕੁੱਝ ਘੰਟਿਆਂ 'ਚ ਸੁਲਝਾਇਆ ਬੇਅਦਬੀ ਦਾ ਮਾਮਲਾ, ਦੋਸ਼ੀ ਕਾਬੂ - 1 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ 'ਚ ਬੀਤੀ ਸ਼ਾਮ ਟਿੱਬਾ ਰੋਡ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਇਸ ਘਟਨਾ ਬਾਰੇ ਕਿਸੇ ਨੇ ਫੋਨ 'ਤੇ ਸੂਚਨਾ ਦਿੱਤੀ। ਪੁਲਿਸ ਵੱਲੋਂ ਦੇਰ ਰਾਤ ਇਸ ਮਾਮਲੇ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਸੂਚਨਾ ਦੇਣ ਵਾਲਾ ਵਿਅਕਤੀ ਹੀ ਇਸ ਮਾਮਲੇ 'ਚ ਦੋਸ਼ੀ ਪਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ 'ਚ ਸ਼ਾਮ ਸਾਢੇ 6 ਵਜੇ ਦੇ ਕਰੀਬ ਖੇਤਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਹੋਣ ਦੀ ਸੂਚਨਾ ਮਿਲੀ। ਇਸ ਸਬੰਧੀ ਇੱਕ ਵਿਅਕਤੀ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਸਿੱਖ ਜੱਥੇਬੰਦੀ ਤੇ ਸਿੱਖ ਯੂਥ ਪਾਵਰ ਆਫ ਪੰਜਾਬ ਦੇ ਆਗੂ ਵੀ ਮੌਕੇ 'ਤੇ ਪੁੱਜੇ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਸਨਮਾਨਜਨਕ ਤਰੀਕੇ ਨਾਲ ਗੁਰਦੁਆਰਾ ਸਾਹਿਬ ਪਹੁੰਚਾਇਆ।
ਬੇਅਦਬੀ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਲੁਧਿਆਣਾ ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਤੇ ਮਹਿਜ਼ ਕੁੱਝ ਹੀ ਘੰਟਿਆਂ ਦੇ ਵਿੱਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ। ਪੁਲਿਸ ਨੇ ਕਿਹਾ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਸੂਚਨਾ ਦੇਣ ਵਾਲੇ ਨੌਜਵਾਨ ਵੱਲੋਂ ਹੀ ਕੀਤੀ ਗਈ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ 17 ਸਾਲਾ ਸੇਵਾ ਸਿੰਘ ਵਜੋਂ ਹੋਈ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ 'ਤੇ ਫਿਲਹਾਲ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਵੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਬੰਧੀ ਮੰਗਲਵਾਰ 3 ਨਵੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਸੱਦੀ ਗਈ ਹੈ ਜਿਸ ਵਿੱਚ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।