ਲੁਧਿਆਣਾ: ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ’ਤੇ ਤੜਕਸਾਰ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਮਜਦੂਰ ਦਿਵਸ ਮਨਾਉਣ ਆਏ ਕੁਝ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੇਨ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ। ਮਿਲੀ ਜਾਣਕਾਰੀ ਮੁਤਾਬਿਕ ਕੁਝ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਦੀ ਟਿਕਟ ਨੂੰ ਲੈ ਕੇ ਟੀਟੀ ਦੇ ਨਾਲ ਵਿਵਾਦ ਹੋ ਗਿਆ ਜਿਸ ਤੋਂ ਬਾਅਦ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਰੇਲਵੇ ਅਧਿਕਾਰੀਆਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਸ ਕਾਰਨ ਹੋਇਆ ਸੀ ਵਿਵਾਦ: ਮਿਲੀ ਜਾਣਕਾਰੀ ਮੁਤਾਬਿਕ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਟਰੈਕ 6 ਨੂੰ ਜਾਮ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਪੂਰਾ ਵਿਵਾਦ ਉਸ ਸਮੇਂ ਹੋਇਆ ਜਦੋਂ ਟੀਟੀ ਨੇ ਇੱਕ ਮਜ਼ਦੂਰ ਦੀ ਟਿਕਟ ਜੁਰਮਾਨਾ ਲਾ ਕੇ ਬਣਾ ਦਿੱਤੀ। ਦੂਜੇ ਪਾਸੇ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਤੁਰੰਤ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੇ ਆ ਕੇ ਮੌਕੇ ’ਤੇ ਮਾਹੌਲ ਸ਼ਾਂਤ ਕਰਵਾਇਆ।