ਲੁਧਿਆਣਾ: ਸ਼ਹਿਰ ਦੇ ਕਰਨੈਲ ਨਗਰ 'ਚ ਬੀਤੀ ਦੇਰ ਰਾਤ ਹਰਜਿੰਦਰ ਸਿੰਘ ਨਾਮੀ ਵਿਅਕਤੀ ਦੇ ਪਰਿਵਾਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਦੇ ਘਰ ਬੀਤੀ ਦੇਰ ਰਾਤ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਇਸ ਵਿੱਚ ਉਨ੍ਹਾਂ ਦਾ ਬੇਟਾ ਜ਼ਖਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।
ਲੁਧਿਆਣਾ: ਘਰ 'ਚ ਦਾਖ਼ਲ ਹੋਏ ਦੋ ਦਰਜਨ ਤੋਂ ਵੱਧ ਲੋਕਾਂ ਨੇ ਕੀਤਾ ਹਮਲਾ - crime news ludhiana
ਲੁਧਿਆਣਾ ਸ਼ਹਿਰ ਵਿੱਚ ਇੱਕ ਘਰ 'ਤੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ, ਉਨ੍ਹਾਂ ਦੇ ਪਤੀ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਹਮਲਾ ਕੀਤਾ ਉਨ੍ਹਾਂ ਨੂੰ ਉਹ ਨਹੀਂ ਜਾਣਦੇ ਹਨ। ਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੇ ਬੇਟੇ ਨੂੰ ਸਟਾਂ ਲੱਗੀਆਂ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਕਿਉਂਕਿ ਉਨ੍ਹਾਂ 'ਤੇ ਮੁੜ ਤੋਂ ਹਮਲਾ ਹੋ ਸਕਦਾ ਹੈ। ਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਸ ਦੀ ਬੇਟੀ ਨੂੰ ਜਿੰਦਾ ਸਾੜਣ ਦੀ ਕੋਸ਼ਿਸ਼ ਕੀਤੀ ਗਈ ਪਰ ਮੁਹੱਲਾ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਦੀ ਜਾਨ ਬਚਾਈ ਅਤੇ ਹਮਲਾਵਰਾਂ ਨੂੰ ਉੱਥੋਂ ਖਦੇੜਿਆ।
ਇਸ ਮਾਮਲੇ ਬਾਰੇ ਥਾਣਾ ਦੁੱਗਰੀ ਦੇ ਮੁਖੀ ਨੇ ਕਿਹਾ ਕਿ ਬੀਤੀ ਰਾਤ ਪਰਿਵਾਰ 'ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਘਰ ਦੀਆਂ ਔਰਤਾਂ ਨੂੰ ਸਾੜਣ ਬਾਰੇ ਤਾਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਪਰ ਕੁਝ ਮੁਲਜ਼ਮਾਂ ਦੀ ਉਨ੍ਹਾਂ ਨੇ ਸ਼ਨਾਖਤ ਕੀਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।