ਲੁਧਿਆਣਾ: ਜ਼ਿਲ੍ਹੇ ਦੇ ਲਾਡੋਵਾਲ ਪੁਲਿਸ ਸਟੇਸ਼ਨ ਵਿੱਚ ਇੱਕ ਵਿਅਕਤੀ ਨੇ ਪੁਲਿਸ ਹਿਰਾਸਤ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਰਿਵਾਰ ਨੇ ਇਸ ਹਾਦਸੇ ਦੀ ਵਜ੍ਹਾ ਪੁਲਿਸ ਦੀ ਅਣਗਿਹਲੀ ਦੱਸਿਆ ਹੈ।
ਪੁਲਿਸ ਹਿਰਾਸਤ 'ਚ ਇੱਕ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ ਦੇ ਲਾਡੋਵਾਲ ਪੁਲਿਸ ਸਟੇਸ਼ਨ 'ਚ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਪੁਲਿਸ ਦੀ ਅਣਗਿਹਲੀ ਦੱਸਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।
ਮ੍ਰਿਤਕ ਵਿਅਕਤੀ ਦੀ ਪਛਾਣ ਸਰੂਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਭੈਂਣ ਪਰਮਜੀਤ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਬੀਤੀ ਰਾਤ ਸਰੂਪ ਸਿੰਘ ਦਾ ਉਸਦੀ ਪਤਨੀ ਨਾਲ ਝਗੜਾ ਹੋਇਆ ਸੀ। ਉਹ ਅਕਸਰ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਬੀਤੀ ਰਾਤ ਝਗੜੇ ਮਗਰੋਂ ਉਸ ਦੀ ਪਤਨੀ ਨੇ ਉਸ ਨੂੰ ਸਬਕ ਸਿਖਾਉਣ ਅਤੇ ਡਰਾਵਾ ਦੇ ਕੇ ਸੁਧਾਰਨ ਲਈ ਉਸ ਦੇ ਵਿਰੁੱਧ ਲਾਡੋਵਾਲ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਮਹਿਜ ਕੁਝ ਚਿਰ ਲਈ ਉਸ ਨੂੰ ਜੇਲ੍ਹ ਵਿੱਚ ਬੰਦ ਕਰਵਾ ਦਿੱਤਾ। ਵੀਰਵਾਰ ਦੀ ਰਾਤ ਪੁਲਿਸ ਨੇ ਸਰੂਪ ਸਿੰਘ ਨੂੰ ਹਿਰਾਸਤ ਵਿੱਚ ਲਿਆ ਸੀ ਪਰ ਕੁਝ ਚਿਰ ਮਗਰੋਂ ਹੀ ਉਨ੍ਹਾਂ ਨੂੰ ਸਰੂਪ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉੱਤੇ ਅਣਗਿਹਲੀ ਵਰਤੇ ਜਾਣ ਦਾ ਦੋਸ਼ ਲਾਉਂਦੇ ਹੋਏ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਲਾਡੋਵਾਲ ਪੁਲਿਸ ਥਾਣੇ ਦੇ ਐਸਐਚਓ ਸਮੀਰ ਵਰਮਾ ਨੇ ਕਿਹਾ ਹੈ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਹੀ ਮ੍ਰਿਤਕ ਨੂੰ ਹਿਰਾਸਤ 'ਚ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।