ਰੂਪਨਗਰ/ਲੁਧਿਆਣਾ/ਮਾਨਸਾ/ਬਠਿੰਡਾ/ਹੁਸ਼ਿਆਰਪੁਰ/ ਜਲੰਧਰ/ ਫ਼ਤਿਹਗੜ੍ਹ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੂਬੇ ਭਰ ਵਿੱਚ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।
ਲੁਧਿਆਣਾ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਕਾਲੇ ਚੋਲੇ ਪਾਕੇ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ, ਉੱਥੇ ਹੀ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਬੋਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਦੇ ਸੱਦੇ 'ਤੇ ਸਮੂਹ ਸਿੱਖ ਸੰਗਤ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਨੁੱਖੀ (for the release of bandi Singh) ਅਧਿਕਾਰਾਂ ਦੇ ਹੱਕ ਲਈ ਰੋਸ ਪ੍ਰਦਰਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਬਿਲਕੀਸ ਬਾਨੋ ਦੇ ਕਾਤਲਾਂ ਤੇ ਬਲਾਤਕਾਰੀਆਂ ਨੂੰ ਜੇਕਰ ਰਿਹਾਅ ਕੀਤਾ ਜਾ ਸਕਦਾ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਨਾ ਸੁਣੀ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਮੰਗ ਨਾ ਮੰਨੀ ਗਈ ਤਾਂ, ਸਰਕਾਰਾਂ ਨੂੰ ਵੀ ਮੁਸ਼ਕਿਲਾਂ ਆਉਣਗੀਆਂ।
ਦੂਜੇ ਪਾਸੇ ਰੂਪਨਗਰ ਵਿੱਚ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਰੂਪਨਗਰ ਦੇ ਰਣਜੀਤ ਸਿੰਘ ਬਾਗ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਐੱਸਜੀਪੀਸੀ ਵੱਲੋਂ ਅੱਜ ਕਾਲੇ ਕੱਪੜੇ ਪਾ ਕੇ ਅਤੇ ਆਪਣੇ ਆਪ ਨੂੰ ਜੰਜ਼ੀਰਾਂ ਵਿੱਚ ਬੰਨ੍ਹ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨਾ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਬਾਬਤ ਮੰਗ ਕੀਤੀ ਗਈ ਹੈ।
ਮਾਨਸਾ ਵਿੱਚ SGPC ਮੈਂਬਰਾਂ ਦਾ ਰੋਸ ਪ੍ਰਦਰਸ਼ਨ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਮਾਨਸਾ ਦੇ ਵਿਚ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐੱਸਜੀਪੀਸੀ ਦੇ ਮੈਂਬਰ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਅੱਜ ਵੀ ਜੇਲ੍ਹਾਂ ਦੇ ਵਿੱਚ ਸੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਾਰ ਵਾਰ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅਪੀਲ ਕੀਤੀ ਜਾ ਰਹੀ ਹੈ, ਪਰ ਦੂਜੇ ਪਾਸੇ ਇਨ੍ਹਾਂ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਦੇ ਸਬੰਧ ਵਿੱਚ ਅੱਜ ਮਾਨਸਾ ਚੋਂ ਕਾਲੇ ਚੋਲੇ ਪਾ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਬਠਿੰਡਾ ਵਿੱਚ ਰੋਸ:ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੰਘਾਂ ਵੱਲੋ ਕਾਲੇ ਚੋਲੇ ਪਾ ਕੇ, ਕਾਲੀਆ ਪੱਗਾ ਬੰਨ੍ਹ ਕੇ ਅਤੇ ਲੋਹੇ ਦੀਆਂ ਜੰਜ਼ੀਰਾਂ ਪਾ ਕੇ ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਬੀਬੀਆ ਵੱਲੋਂ ਵੀ ਕਾਲੀਆਂ ਚੁੱਨੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਐੱਸਜੀਪੀਸੀ ਮੈਂਬਰ ਨੇ ਸੁਮੇਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਐਸਜੀਪੀਸੀ ਮੈਂਬਰਾਂ ਦੇ ਤਰਫੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ, ਤਾਂ ਕਿ ਜਿਹੜੇ ਬੰਦੀ ਸਿੰਘ ਆਪਣੀ ਸਜ਼ਾ ਕੱਟ ਚੁੱਕੇ ਹਨ, ਉਹ ਆਪਣੇ ਘਰ ਵਾਪਸ ਆ ਸਕਣ।