ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਬੈਠਕ (Punjab Cabinet Meeting) ਦੀ ਅਗਵਾਈ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ 'ਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਈ ਵੱਡੇ ਐਲਾਨ ਕੀਤੇ।
ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ 8 ਨਵੰਬਰ ਤੋਂ ਪਹਿਲਾਂ ਦੇ ਖੇਤੀ ਕਾਨੂੰਨਾਂ ਸਬੰਧੀ ਕੋਈ ਫੈਸਲਾ ਨਹੀਂ ਲੈਂਦੀ ਤਾਂ ਮਜਬੂਰਨ ਪੰਜਾਬ ਸਰਕਾਰ ਨੂੰ ਇਹ ਕਾਨੂੰਨ ਖ਼ਤਮ ਕਰਨੇ ਪੈਣਗੇ। ਇਸ ਨਾਲ ਕੇਂਦਰ ਤੇ ਸੂਬਾ ਸਰਕਾਰ ਦੇ ਰਿਸ਼ਤਿਆਂ ਤੇ ਸਿਆਸੀ ਮੁਸ਼ਕਲਾਂ ਪੇਸ਼ ਆਉਣਗੀਆਂ। ਇਸ ਲਈ ਉਹ ਕੇਂਦਰ ਸਰਕਾਰ ਨੂੰ ਇਹ ਅਪੀਲ ਕਰਦੇ ਹਨ, ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਅਜਿਹੀਆਂ ਮੁਸ਼ਕਲਾਂ 'ਚ ਨਾਂ ਪਾਵੇ। । ਉਨ੍ਹਾਂ ਇਹ ਵੀ ਕਿਹਾ ਕਿ ਇਜਲਾਸ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਸੁਪਰੀਮ ਕੋਰਟ ਵੀ ਜਾਵੇਗੀ।
ਵੈਟ ਝਗੜਿਆਂ ਦੇ ਨਿਪਟਾਰੇ ਸਬੰਧੀ ਫੈਸਲਾ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੈਟ ਝਗੜਿਆਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਲਗਭਗ 40 ਹਜ਼ਾਰ ਦੇ ਕਰੀਬ ਜਿਹੜੇ ਕੇਸ ਪੈਂਡਿੰਗ ਨੇ ਉਨ੍ਹਾਂ ਨੂੰ ਰਫਾ ਦਫਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿਜ਼ 8 ਹਜ਼ਾਰ ਵਪਾਰੀ ਜਿਨ੍ਹਾਂ ਦਾ ਟੈਕਸ ਇੱਕ ਲੱਖ ਹੈ ਵਿਆਜ ਪੈ ਕੇ ਵੱਧ ਬਣ ਗਿਆ ਹੈ, ਉਨ੍ਹਾਂ ਦੇ ਮਸਲੇ ਹੀ ਸੁਲਝਾਏ ਜਾਣਗੇ। ਉਨ੍ਹਾਂ ਲਈ ਵੀ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਗਈ ਹੈ।
ਮਧਿਅਮ ਸਨਅਤਾਂ ਨੂੰ ਬਿਜਲੀ ਸਬੰਧੀ ਵੱਡੀ ਰਾਹਤ
ਸੀਐਮ ਚੰਨੀ ਨੇ ਕਿਹਾ ਕਿ ਛੋਟੀਆਂ ਅਤੇ ਮੀਡੀਅਮ ਫੈਕਟਰੀਆਂ ਦੇ ਲਈ ਵੀ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਬਿਜਲੀ ਮਾਮਲੇ ਵਿੱਚ ਮਧਿਅਮ ਸਨਅਤਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਬਿਜਲੀ ਦੇ ਫਿਕਸਡ ਚਾਰਜਿਸ ਵਿੱਚ 50 ਫ਼ੀਸਦੀ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।