ਸੰਗਰੂਰ: ਪੰਜਾਬ ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਨੌਜਵਾਨ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਹੁਣ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਪ੍ਰਦਰਸ਼ਨਕਾਰੀ ਨੌਜਵਾਨ ਆਪਣੇ ਹੱਥ ’ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੈਠੇ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰਾਂ ਆ ਜਾ ਰਹੀਆਂ ਹਨ ਪਰ ਉਹ ਅਜੇ ਤੱਕ ਬੇਰੁਜ਼ਗਾਰ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਇਸੇ ਤਰ੍ਹਾਂ ਜਾਮ ਲਗਾ ਕੇ ਪ੍ਰਦਰਸ਼ਨ ਕਰਦੇ ਰਹਿਣਗੇ।
ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਸੀਐੱਮ ਭਗਵੰਤ ਉਨ੍ਹਾਂ ਦੇ ਘਰ ਘਰ ਆ ਕੇ ਵੋਟਾਂ ਮੰਗਦੇ ਸੀ ਅਤੇ ਕਈ ਵੱਡੇ ਵੱਡੇ ਵਾਅਦੇ ਕਰਦੇ ਸੀ ਪਰ ਹੁਣ ਉਨ੍ਹਾਂ ਨੂੰ ਮਿਲ ਨਹੀਂ ਰਹੇ ਹਨ। ਅੱਜ ਵੀ ਉਨ੍ਹਾਂ ਦੀ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਸੀ ਪਰ ਉਹ ਉਨ੍ਹਾਂ ਨੂੰ ਨਹੀਂ ਮਿਲੇ ਹਨ।