ਲੁਧਿਆਣਾ: ਮੱਤੇਵਾੜਾ ਦੇ ਜੰਗਲਾਂ ਨੂੰ ਲੈ ਕੇ ਲਗਾਤਾਰ ਵਿਵਾਦ ਜਾਰੀ ਹੈ। ਬੀਤੇ ਦਿਨੀ ਪਿੰਡ ਸੇਖੋਵਾਲ ਦੀ ਮੌਜੂਦਾ ਸਰਪੰਚ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਡੀਸੀ ਸਾਹਮਣੇ ਲਿਆਂਦਾ ਗਿਆ। ਪਿੰਡ ਵਾਸੀਆਂ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਇਲਜ਼ਾਮ ਲਾਇਆ ਕਿ ਸਰਪੰਚ 'ਤੇ ਪ੍ਰਸ਼ਾਸ਼ਨ ਵੱਲੋਂ ਦਬਾਅ ਪਾ ਕੇ ਪੰਚਾਇਤੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪਿੰਡ ਵਾਸੀ ਨੇ ਪਹੁੰਚ ਕੇ ਪ੍ਰਸ਼ਾਸਨ ਦਾ ਵਿਰੋਧ ਕੀਤਾ।
ਪਿੰਡ ਦੀ ਸਰਪੰਚ ਅਮਰੀਕ ਕੌਰ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸ਼ਾਮ 6 ਵਜੇ ਦੇ ਕਰੀਬ ਪੁਲਿਸ ਮੁਲਾਜ਼ਮ ਸਰਪੰਚ ਨੂੰ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਡੀਸੀ ਨਾਲ ਗੱਲਬਾਤ ਹੋਈ ਤਾਂ ਉਸ ਨੂੰ ਪੰਚਾਇਤੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਕਿਹਾ ਗਿਆ। ਸਰਪੰਚ ਅਮਰੀਕ ਕੌਰ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਉਸ ਨੂੰ ਆਪਣੇ ਨਾਲ ਲੈ ਕੇ ਗਏ ਸਨ, ਉਧਰ ਪਿੰਡ ਵਾਸੀ ਜਦੋਂ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਰਾਤ ਨੂੰ ਹੀ ਸਰਪੰਚ ਨੂੰ ਵਾਪਿਸ ਲਿਆਂਦਾ ਗਿਆ।