ਪੰਜਾਬ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ -ਕੈਪਟਨ ਅਮਰਿੰਦਰ ਸਿੰਘ - dc office
ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਦੇ ਨਾਮਜ਼ਦਗੀ ਦਾਖਲ ਕਰਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ 'ਤੇ ਟਿਪੱਣੀ ਕਰਦੇ ਹੋਏ ਕਿਹਾ ਹੈ ਕਿ ਇਸ ਵਾਰ 2014 ਵਾਂਗ ਨਹੀਂ ਹੋਵੇਗਾ, ਐਤਕੀ ਕਾਂਗਰਸ ਦੀ ਹੂੰਝਾ ਫੇਰ ਜਿੱਤ ਹੋਵੇਗੀ।
ਪਟਿਆਲਾ: ਲੋਕਸਭਾ ਚੋਣਾਂ ਦੇ ਮੱਦੇਨਜ਼ਰ 26 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਆਪਣੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸੀ ਉਮੀਦਵਾਰ ਵੱਜੋਂ ਨਾਮਜ਼ਦਗੀ ਪੱਤਰ ਜਮਾ ਕਰਵਾਉਣ ਡੀਸੀ ਦਫ਼ਤਰ ਪੁੱਜੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈਇੰਦਰ ਕੌਰ ਅਤੇ ਦੋਹਤਾ ਨਿਰਵਾਨ ਵੀ ਹਾਜ਼ਰ ਸਨ | ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਜ਼ਰੂਰ ਹੋਵੇਗੀ। ਭਾਜਪਾ 'ਤੇ ਨਿਸ਼ਾਨਾ ਵਿੰਨਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਕੋਈ ਵੀ ਪ੍ਰਾਪਤੀ ਨਾ ਹੋਣ ਕਾਰਨ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਹਾਸ਼ੀਏ ਵੱਲ ਜਾ ਚੁੱਕੀ ਹੈ ਅਤੇ ਲੋਕ ਇਸ ਨੂੰ ਸੱਤਾ ਵਿੱਚੋਂ ਬਾਹਰ ਕੱਢਣਗੇ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਬਾਦਲ ਦੀ ਬਠਿੰਡਾ ਅਤੇ ਸੁਖਬੀਰ ਬਾਦਲ ਦੀ ਫ਼ਿਰੋਜ਼ਪੁਰ ਸੀਟ ਸਣੇ ਉਨ੍ਹਾਂ ਦੀ ਪਾਰਟੀ ਸੂਬੇ ਵਿੱਚੋਂ ਸਾਰੀਆਂ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਲਾਜ਼ਮੀ ਤੌਰ 'ਤੇ ਜਿੱਤ ਹਾਸਲ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ 2014 ਦੀਆਂ ਚੋਣਾਂ ਦੇ ਉਲਟ ਹੁਣ ਪੰਜਾਬ ਦੇ ਲੋਕਾਂ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ ਅਤੇ ਕਾਂਗਰਸ ਪਾਰਟੀ ਸੂਬੇ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦਾ ਮਿਸ਼ਨ ਪੂਰਾ ਕਰੇਗੀ ਅਤੇ ਨਵੀਂ ਸਰਕਾਰ ਦੇ ਗਠਨ ਲਈ ਇਹ ਸਾਰੀਆਂ 13 ਸੀਟਾਂ ਰਾਹੁਲ ਗਾਂਧੀ ਦੀ ਝੋਲੀ ਵਿੱਚ ਪਾਵੇਗੀ | ਗੁਰਦਾਸਪੁਰ ਵਿੱਚ ਸਨੀ ਦਿਓਲ ਦੇ ਭਾਜਪਾ ਉਮੀਦਵਾਰ ਚੁੱਣੇ ਜਾਣ 'ਤੇ ਕੈਪਟਨ ਨੇ ਕਿਹਾ ਸੁਨੀਲ ਜਾਖੜ ਗੁਰਦਾਸਪੁਰ ਵਿੱਚ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ। ਸਨੀ ਦਿਓਲ ਦਾ ਉੱਥੇ ਕੋਈ ਵੀ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਸਨੀ ਦਿਓਲ ਵਾਪਸ ਫ਼ਿਲਮੀ ਦੁਨੀਆ ਵਿੱਚ ਭੱਜ ਜਾਵੇਗਾ ਅਤੇ ਉਹ ਗੁਰਦਾਸਪੁਰ ਦੇ ਲੋਕਾਂ ਵਿੱਚ ਨਹੀਂ ਰਹੇਗਾ |