ਨਾਭਾ: ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਨੂੰ ਹੱਕੀ ਮੰਗਾਂ ਲਈ ਅੰਦੋਲਨ ਕਰਦਿਆਂ 6 ਮਹੀਨੇ ਦਾ ਸਮਾਂ ਹੋ ਗਿਆ ਹੈ। ਜਿਸ ਦੇ ਚੱਲਦਿਆਂ 26 ਮਈ ਨੂੰ 6 ਮਹੀਨੇ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਕਾਲੇ ਦਿਨ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਜਿਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦੇ ਘਰ-ਘਰ ਕਾਲੀਆਂ ਝੰਡੀਆਂ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਅਤੇ ਮਹਿਲਾ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਕਾਲੇ ਕਨੂੰਨ ਥੋਪੇ ਗਏ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਸੰਘਰਸ਼ ਕਰਦਿਆਂ ਕਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਆਪਣੀ ਜਿੱਦ 'ਤੇ ਅੜੀ ਹੋਈ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਕਾਲਾ ਦਿਨ ਮਨਾਉਂਦਿਆਂ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।