ਪਟਿਆਲਾ: ਸਨੌਰ ਸਬਜ਼ੀ ਮੰਡੀ ਨੇੜੇ ਨਿਹੰਗ ਸਿੰਘਾਂ ਵੱਲੋਂ ਏਐਸਆਈ ਦਾ ਹੱਥ ਵੱਡਣ ਦੀ ਘਟਨਾ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅੱਜ ਇਨ੍ਹਾਂ ਮੁਲਜ਼ਮਾਂ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ। ਪੁਲਿਸ ਨੇ ਚਾਰਜਸ਼ੀਟ ਦਾਖਲ ਕਰਦੇ ਹੋਏ ਮੁਲਜ਼ਮਾਂ ਦੇ ਵਿਰੁੱਧ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।
ਪਟਿਆਲਾ: ਪੁਲਿਸ ਟੀਮ 'ਤੇ ਹਮਲਾ ਕਰਨ ਵਾਲੇ ਨਿਹੰਗਾਂ ਨੂੰ ਕੋਰਟ ਨੇ 10 ਦਿਨੀਂ ਪੁਲਿਸ ਰਿਮਾਂਡ 'ਤੇ ਭੇਜਿਆ
ਪਟਿਆਲਾ ਦੀ ਸਨੌਰ ਸਬਜ਼ੀ ਮੰਡੀ ਹਾਦਸੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਅਖੌਤੀ ਨਿਹੰਗਾਂ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਮੁਲਜ਼ਮਾਂ ਨੂੰ 10 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸ ਬਾਰੇ ਦੱਸਦੇ ਹੋਏ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਦਿਨ ਮੁਲਜ਼ਮਾਂ ਨੂੰ ਘਟਨਾ ਦੇ ਕੁੱਝ ਘੰਟਿਆਂ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਦੌਰਾਨ ਵੱਡੀ ਤਦਾਦ 'ਚ ਹਥਿਆਰ ਵੀ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ। ਇੱਥੇ ਕੋਰਟ ਵੱਲੋਂ ਮੁਲਜ਼ਮਾਂ ਨੂੰ 10 ਦਿਨੀਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ 14 ਦਿਨਾਂ ਦੀ ਪੁਲਿਸ ਰਿਮਾਂਡ ਦੀ ਅਪੀਲ ਕੀਤੀ ਗਈ ਸੀ, ਜਿਸ ਚੋਂ ਅਦਾਲਤ ਵੱਲੋਂ ਸਾਰੇ ਹੀ ਮੁਲਜ਼ਮਾਂ ਨੂੰ 10 ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੇ ਦੌਰਾਨ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰੇਗੀ।