ਪਟਿਆਲਾ : ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਕਿਸਾਨ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸੜਕਾਂ 'ਤੇ ਉਤਰ ਆਏ ਹਨ। ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪਟਿਆਲਾ ਦੇ ਦੁੱਖ ਨਿਵਾਰਨ ਚੌਕ ਵਿਖੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ।
ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ ਵਿੱਚ ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨ ਸ਼ਾਮਲ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਤੇ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਸਾੜਿਆ ਮੋਦੀ ਤੇ ਕੈਪਟਨ ਦਾ ਪੁਤਲਾ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਲਗਾਤਾਰ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ। ਦੂਜੇ ਪਾਸੇ ਸਿਆਸੀ ਆਗੂਆਂ ਨੂੰ ਵੀ ਕਿਸਾਨਾਂ ਦੀ ਆੜ 'ਚ ਹੱਥ ਸੇਕਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤੇ ਜਾਣ ਮਗਰੋਂ ਵੀ ਮੋਦੀ ਸਰਕਾਰ ਨੇ ਇਸ ਨੂੰ ਪਾਸ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਕੇ ਮੋਦੀ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ।
ਕਿਸਾਨ ਆਗੂ ਮਨਜੀਤ ਸਿੰਘ ਨੇ ਕਿਹਾ ਕਿ ਬੇਸ਼ਕ ਇਹ ਆਰਡੀਨੈਂਸ ਪਾਸ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਅਕਾਲੀ ਦਲ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਦੇ ਡਰ ਦੇ ਚਲਦੇ ਬਾਦਲ ਪਰਿਵਾਰ ਨੇ ਆਪਣੀ ਵਜ਼ਾਰਤ ਛੱਡੀ ਹੈ, ਪਰ ਭਾਜਪਾ ਨਾਲ ਆਪਣਾ ਗਠਜੋੜ ਨਹੀਂ ਤੋੜਿਆ। ਕਿਸਾਨ ਆਗੂ ਨੇ ਕਿਹਾ ਕਿ ਅਕਾਲੀ ਦਲ ਜੇਕਰ ਭਾਜਪਾ ਦਾ ਸਮਰਥਨ ਕਰਦਾ ਹੈ ਤਾਂ ਉਨ੍ਹਾਂ ਨੂੰ ਪਿੰਡਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਸਰਕਾਰ ਖਿਲਾਫ ਬੋਲਦੇ ਹੋਏ ਕਿਸਾਨਾਂ ਨੇ ਆਖਿਆ ਕਿ ਪਹਿਲਾਂ ਕੈਪਟਨ ਸਰਕਾਰ ਨੇ ਇਸ ਖੇਤੀ ਆਰਡੀਨੈਂਸਾਂ ਦਾ ਵਿਰੋਧ ਨਹੀਂ ਕੀਤਾ। ਜਦ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਤਾਂ ਕੈਪਟਨ ਸਰਕਾਰ ਨੇ ਵੀ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਜ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਕੇ ਚੁਣਾਵੀ ਸੰਟਟ ਕਰ ਰਹੀ ਹੈ। ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਸਣੇ ਕੇਂਦਰੀ ਸਰਕਾਰ ਖਿਲਾਫ ਕਿਸਾਨ ਵਿਰੋਧੀ ਨੀਤੀਆਂ ਲਿਆਉਣ ਦਾ ਵਿਰੋਧ ਕੀਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਹ ਖੇਤੀ ਆਰਡੀਨੈਂਸ ਵਾਪਸ ਨਹੀਂ ਲਏ ਜਾਣਗੇ ਉਦੋਂ ਤੱਕ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰਹੇਗਾ।