ਪਟਿਆਲਾ : ਸ਼ਹਿਰ ਦੇ ਪੰਜਾਬੀ ਯੂਨੀਵਰਸਿਟੀ ਵਿੱਖੇ ਅਗ੍ਰਸੇਨ ਜੰਯਤੀ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਇਥੇ ਸਾਂਸਦ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ।
ਸਾਂਸਦ ਪਰਨੀਤ ਕੌਰ ਨੂੰ ਇਥੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਪੰਜਾਬੀ ਯੂਨੀਵਰਸਿਟੀ 'ਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਉਨ੍ਹਾਂ ਨੂੰ ਮਿਲ ਕੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਸਿਆਸੀ ਅਖਾੜਾ ਭਖਿਆ
ਸਾਂਸਦ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਕਈ ਵਾਅਦੇ ਕੀਤੇ ਸਨ। ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਣੇ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕਾਂਗਰਸ ਸਰਕਾਰ ਆਪਣੇ ਕੀਤੇ ਗਏ ਵਾਅਦਿਆਂ ਨੂੰ ਭੁੱਲ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਸਾਂਸਦ ਪਰਨੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਹੈ।
ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਵੇਲੇ ਘਰ-ਘਰ ਨੌਕਰੀ ਦਿੱਤੇ ਜਾਣ ਅਤੇ ਕੁੜੀਆਂ ਦੀ ਪੜ੍ਹਾਈ ਮੁਫ਼ਤ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਪਰ ਜ਼ਮੀਨੀ ਪੱਧਰ 'ਤੇ ਸਰਕਾਰ ਵੱਲੋਂ ਇਸ ਉੱਤੇ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਵਿਦਿਆਰਥੀਆ ਮਹਿੰਗੀ ਫੀਸਾਂ ਭਰ ਕੇ ਪੜ੍ਹਾਈ ਪੂਰੀ ਕਰਦੇ ਹਨ ਪਰ ਰੁਜ਼ਗਾਰ ਮੇਲੇ ਦੇ ਨਾਂਅ ਉੱਤੇ ਉਨ੍ਹਾਂ ਨੂੰ ਘਰ ਤੋਂ ਦੂਰ ਅਤੇ ਘੱਟ ਤਨਖਾਹਾਂ ਵਾਲੀ ਨੌਕਰੀਆਂ ਦਿੱਤਿਆਂ ਜਾਂਦੀਆਂ ਹਨ, ਜੋ ਕਿ ਗ਼ਲਤ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਗ੍ਰਾਟਾਂ ਦਿੱਤੀਆਂ ਜਾਣ, ਵਿਦਿਆਰਥੀ ਚੋਣਾਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਸਿੱਖਿਆ ਮੁਤਾਬਕ ਉੱਚ ਪੱਧਰ ਅਤੇ ਸਰਕਾਰੀ ਅਹੁਦਿਆਂ ਉੱਤੇ ਨੌਕਰੀ ਦਿੱਤੀ ਜਾਵੇ। ਇਸ ਨਾਲ ਉਹ ਆਪਣਾ ਗੁਜ਼ਾਰਾ ਚੰਗੇ ਤਰੀਕੇ ਨਾਲ ਕਰ ਸਕਣਗੇ।