ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵੱਲੋਂ ਸੁਨਾਮ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸੂਬੇ 'ਚ ਪੈਟਰੋਲ-ਡੀਜ਼ਲ ਦੀਆਂ ਵੱਧ ਕੀਮਤਾਂ ਅਤੇ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਕੀਤਾ ਗਿਆ।
ਇਸ ਮੌਕੇ ਸੰਗਰੂਰ ਤੇ ਸੁਨਾਮ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਅਕਾਲੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਇਸ ਮੌਕੇ ਅਕਾਲੀ ਦਲ ਬਾਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਾਂ ਲੋਕਾਂ ਨਾਲ ਕਈ ਵੱਡੇ-ਵੱਡੇ ਵਾਅਦੇ ਕੀਤੇ ਪਰ ਉਨ੍ਹਾਂ ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਲੋੜਵੰਦਾਂ ਦੀ ਪੈਨਸ਼ਨਾਂ, ਸਰਕਾਰੀ ਮੁਲਾਜ਼ਮਾਂ ਦੀ ਡੀਏ ਦੀਆਂ ਕਿਸ਼ਤਾਂ, ਸ਼ਗਨ ਸਕੀਮ 'ਚ ਵਾਧਾ ਆਦਿ ਕੁੱਝ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਲਈ ਗੁਟਕਾ ਸਹਿਬ ਜੀ ਦੀ ਝੂਠੀ ਸੰਹੂ ਚੁੱਕੀ ਹੈ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਜਨਤਾ ਦੇ ਹੱਕ ਲਈ ਕੋਈ ਕੰਮ ਨਹੀਂ ਕਰ ਸਕੇ ਉਲਟਾ ਹਰ ਵਰਗ ਉਨ੍ਹਾਂ ਦੀ ਲੋਕ ਮਾਰੂ ਨੀਤੀਆਂ ਤੋਂ ਪਰੇਸ਼ਾਨ ਹੈ।
ਵਿਨਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਦੇ ਲੋਕ, ਅਕਾਲੀ ਦਲ ਉਨ੍ਹਾਂ ਦਾ ਵਿਰੋਧ ਕਰ ਰਿਹਾ ਹੈ। ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਉਹ ਧਰਨਾ ਲਾਉਣ ਲਈ ਮਜਬੂਰ ਹਨ। ਕਿਉਂਕਿ ਗ਼ਰੀਬ ਵਰਗ ਨੂੰ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ, ਬਿਜਲੀ ਦੇ ਬਿੱਲਾਂ ਵਿੱਚ ਵਾਧੇ ਨੇ ਬੇਹਾਲ ਕੀਤਾ ਹੈ। ਕੈਪਟਨ ਸਰਕਾਰ ਨੇ ਚੋਣ ਵਾਅਦੇ ਤਾਂ ਪੂਰੇ ਨਹੀਂ ਕੀਤੇ ਬਲਕਿ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਵੀ ਵਾਪਸ ਲੈ ਲਈਆਂ ਹਨ।