ਸੰਗਰੂਰ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਕਿਸਾਨਾਂ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਲਗਾਤਾਰ ਰੋਸ ਰੈਲੀਆਂ ਤੇ ਧਰਨੇ ਜਾਰੀ ਹਨ। ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਹਿਰਾਗਾਗਾ ਵਿਖੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਵੱਡੇ ਕਾਫ਼ਲੇ ਦੇ ਨਾਲ ਝੰਡਾ ਮਾਰਚ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੇਤੀ ਆਰਡੀਨੈਂਸਾਂ ਦੇ ਖਿਲਾਫ ਕੱਢਿਆ ਝੰਡਾ ਮਾਰਚ
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨਾਂ 'ਚ ਭਾਰੀ ਰੋਸ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਹਿਰਾਗਾਗਾ ਵਿਖੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾਂ ਆਖਿਆ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਦੇ ਖਿਲਾਫ ਵੱਡੇ ਕਾਫ਼ਲੇ ਦੇ ਨਾਲ ਝੰਡਾ ਮਾਰਚ ਕੀਤਾ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਪਾਸ ਕੀਤਾ ਹੈ, ਉਹ ਕਿਸੇ ਵੀ ਪੱਖੋਂ ਕਿਸਾਨ ਪੱਖੀ ਨਹੀਂ ਹੈ। ਇਸ ਦੇ ਉਲਟ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਹ ਖੇਤੀ ਸਬੰਧਤ ਬਿੱਲ ਪੂਰੇ ਪੰਜਾਬ ਤੇ ਸੂਬੇ ਦੀ ਅਰਥ ਵਿਵਸਥਾ ਨੂੰ ਪ੍ਰਭਾਵਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੁਸ ਜਾਣਗੀਆਂ ਤੇ ਕਿਸਾਨ ਕੀ ਕਰਨਗੇ ? ਇਸ ਤੋਂ ਇਲਾਵਾ ਇਨ੍ਹਾਂ ਖੇਤੀ ਆਰਡੀਨੈਂਸਾਂ ਦੇ ਲਾਗੂ ਹੋਣ ਤੋਂ ਬਾਅਦ ਲੋੜੀਂਦਾ ਚੀਜ਼ਾਂ ਦੀ ਜਮਾਂਖੋਰੀ ਹੋਣ ਦਾ ਖ਼ਦਸ਼ਾ ਬਣਿਆ ਰਹੇਗਾ। ਜੇਕਰ ਲੋੜੀਂਦਾ ਚੀਜ਼ਾਂ ਦੀ ਜਮਾਖੋਰੀ ਹੋਈ ਤਾਂ ਆਮ ਲੋਕਾਂ ਨੂੰ ਇਹ ਮਹਿੰਗੇ ਦਾਮਾਂ 'ਤੇ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਆਮ ਲੋਕ ਤੇ ਕਿਸਾਨ ਆਰਥਿਕ ਤੰਗੀ ਦੀ ਮਾਰ ਝੇਲ ਰਹੇ ਹਨ। ਇਨ੍ਹਾਂ ਖੇਤੀ ਬਿੱਲਾਂ ਦੇ ਲਾਗੂ ਹੋਣ ਨਾਲ ਲੋਕ ਦੀ ਹਾਲਤ ਹੋਰ ਮਾੜੀ ਹੋ ਜਾਵੇਗੀ। ਸੂਬੇ ਭਰ ਦੀ ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 24 ਸਤੰਬਰ ਤੋਂ 26 ਸਤੰਬਰ ਤੱਕ ਪੰਜਾਬ ਭਰ 'ਚ ਰੇਲਾਂ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਇਕੱਲੇ ਪਟਿਆਲਾ ਬੈਠਣ ਨਾਲ ਜਾਂ ਪੰਜਾਬ ਬੰਦ ਰੱਖਣ ਤੇ ਰੇਲਾਂ ਜਾਮ ਕਰਨ ਤੱਕ ਹੀ ਇਹ ਸੰਘਰਸ਼ ਸੀਮਿਤ ਨਹੀ ਰਹੇਗਾ। ਇਸ ਲਈ ਜਦੋਂ ਤੱਕ ਇਹ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ।