ਸੰਗਰੂਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਭਖਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਲਈ ਕਾਂਗਰਸ ਦੀ ਯੂਪੀ ਤੋਂ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਪਹੁੰਚੇ ਹਨ। ਜਿਨ੍ਹਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚੋਣ ਰੈਲੀਆਂ ਵੀ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵਲੋਂ ਧੂਰੀ 'ਚ ਕਾਂਗਰਸੀ ਉਮੀਦਵਾਰ ਦਲਵੀਰ ਗੋਲਡੀ ਲਈ ਚੋਣ ਪ੍ਰਚਾਰ ਵੀ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ।
ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਖੇਤਾਂ ਦੀ ਵੀ ਸੈਰ ਕਰਵਾਈ ਗਈ। ਉਨ੍ਹਾਂ ਨੇ ਖੇਤ ਦੀ ਮੋਟਰ 'ਤੇ ਬੈਠ ਕੇ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਵੀ ਖਾਧੀ। ਇੱਥੇ 'ਨਵੀਂ ਸੋਚ, ਨਵਾਂ ਪੰਜਾਬ' ਰੈਲੀ ਨੂੰ ਪ੍ਰਿਯੰਕਾ ਗਾਂਧੀ ਨੇ ਸੰਬੋਧਨ ਕੀਤਾ।
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜੋ ਸਿਆਸਤ ਇਸ ਸਮੇਂ ਪੰਜਾਬ 'ਚ ਚੱਲ ਰਹੀ ਹੈ, ਉਸ ਦੀ ਨੀਅਤ ਪਛਾਨਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ 'ਚ 5 ਸਾਲ ਕਾਂਗਰਸ ਦੀ ਸਰਕਾਰ ਚੱਲੀ ਤਾਂ ਇਨ੍ਹਾਂ 5 ਸਾਲਾਂ ਦੌਰਾਨ ਵਿਕਾਸ ਵੀ ਹੋਇਆ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਜਦੋਂ ਸਾਨੂੰ ਲੱਗਾ ਕਿ ਸਾਡੀ ਸਰਕਾਰ ਭਾਜਪਾ ਦੇ ਕਹਿਣ 'ਤੇ ਚੱਲ ਰਹੀ ਹੈ ਤਾਂ ਅਸੀਂ ਬਦਲਾਅ ਕੀਤਾ ਅਤੇ ਇਸ ਨੂੰ ਬਦਲਣਾ ਬੇਹੱਦ ਜ਼ਰੂਰੀ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਏ।