ਸੰਗਰੂਰ: ਸੁਨਾਮ ਵਿਖੇ ਪਿੰਡ ਮੈਦੇਵਾਸ 'ਚ ਇੱਕ ਨੌਜਵਾਨ ਕਿਸਾਨ ਦੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ। ਹਸਪਤਾਲ ਪ੍ਰਸ਼ਾਸਨ ਕੋਲ ਲਾਸ਼ ਸੰਭਾਲਣ ਲਈ ਪੁਖ਼ਤਾ ਪ੍ਰਬੰਧ ਨਾ ਹੋਣ ਦੇ ਚਲਦੇ ਕਿਸਾਨਾਂ ਨੇ ਧਰਨਾ ਲਾ ਕੇ ਰੋਸ ਪ੍ਰਗਟਾਇਆ।
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸੁਨਾਮ ਵਿਖੇ ਇੱਕ ਨੌਜਵਾਨ ਕਿਸਾਨ ਦੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਕਿਸਾਨ ਕਰਜ਼ਾ ਨਾ ਮੋੜ ਸਕਣ ਕਾਰਨ ਬੇਹਦ ਪਰੇਸ਼ਾਨ ਸੀ, ਜਿਸ ਦੇ ਚਲਦੇ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿਥੇ ਲਾਸ਼ ਸੰਭਾਲਣ ਲਈ ਪੁਖ਼ਤਾ ਪ੍ਰਬੰਧ ਨਾ ਹੋਣ ਦੇ ਚਲਦੇ ਕਿਸਾਨਾਂ ਨੇ ਧਰਨਾ ਲਾ ਕੇ ਰੋਸ ਪ੍ਰਗਟਾਇਆ।
ਮ੍ਰਿਤਕ ਦੀ ਪਛਾਣ 30 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਰਜ਼ੇ ਦੀ ਮਾਰ ਝੱਲ ਰਿਹਾ ਹੈ। ਕਰਜ਼ੇ ਕਾਰਨ ਦਿਨ-ਬ-ਦਿਨ ਘਰ ਦੀ ਆਰਥਿਕ ਹਾਲਤ ਵਿਗੜ ਰਹੀ ਸੀ, ਜਿਸ ਕਾਰਨ ਉਸ ਦਾ ਪੁੱਤਰ ਜਸਪ੍ਰੀਤ ਪਰੇਸ਼ਾਨ ਰਹਿਣ ਲੱਗਾ। ਮਹਿਜ਼ ਅੱਧਾ ਕਿੱਲੇ ਜ਼ਮੀਨ ਹੋਣ ਕਾਰਨ ਪਰਿਵਾਰ 4 ਤੋਂ 5 ਲੱਖ ਰੁਪਏ ਦਾ ਕਰਜ਼ਾ ਮੋੜਨ 'ਚ ਅਸਮਰਥ ਹੈ। ਕਰਜ਼ੇ ਕਾਰਨ ਪਰੇਸ਼ਾਨ ਜਸਪ੍ਰੀਤ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ।
ਇਸ ਮੌਕੇ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਇਹ ਬੇਹਦ ਦੁੱਖਦ ਘਟਨਾ ਹੈ। ਕਰਜ਼ੇ ਦੇ ਕਾਰਨ ਜਸਪ੍ਰੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕਾਂ ਦੀਆਂ ਲਾਸ਼ਾਂ ਸੰਭਾਲਣ ਲਈ ਫਰਿਜ ਦੀ ਸਹੂਲਤ ਨਾ ਹੋਣ ਕਾਰਨ ਕਿਸਾਨਾਂ ਨੂੰ ਮਜਬੂਰਨ ਧਰਨਾ ਲਾਉਣਾ ਪਿਆ। ਉਨ੍ਹਾਂ ਆਖਿਆ ਕਿ ਸਿਵਲ ਹਸਪਤਾਲ ਸੁਨਾਮ 'ਚ ਨਵਾਂ ਪੋਸਟਮਾਰਟਮ ਵਾਰਡ ਬਣਾਇਆ ਗਿਆ ਹੈ, ਪਰ ਉਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਮ ਦੇ ਮਾਹੌਲ 'ਚ ਵੀ ਉਨ੍ਹਾਂ ਧਰਨੇ ਲਾ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਜਸਵੰਤ ਸਿੰਘ ਨੇ ਸੂਬਾ ਸਰਕਾਰ ਕੋਲੋਂ ਪੀੜਤ ਪਰਿਵਾਰ ਦੀ ਹਾਲਤ ਨੂੰ ਵੇਖਦਿਆਂ ਕਰਜ਼ਾ ਮੁਆਫ ਕੀਤੇ ਜਾਣ ਦੀ ਮੰਗ ਕੀਤੀ ਹੈ।