ਤਰਨ ਤਾਰਨ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਵਿਧਾਨ ਸਭਾ ਹਲਕਾ ਖੇਮਕਰਨ 'ਚ ਅਕਾਲੀ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਿਰੁੱਧ ਦਾਣਾ ਮੰਡੀ ਅਮਰਕੋਟ ਵਿਖੇ ਰੋਸ ਰੈਲੀ ਕੀਤੀ।
ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਗੋਰਵਦੀਪ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਅਮਰਕੋਟ ਮੇਨ ਚੌਕ ਵਿੱਚ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਫੂਕਿਆ। ਇਸ ਦੌਰਾਨ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਰੈਲੀ ਦੌਰਾਨ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਗਈਆਂ।
ਤਰਨ ਤਾਰਨ 'ਚ ਅਕਾਲੀ ਦਲ ਆਗੂਆਂ ਨੇ ਵਿਧਾਇਕ ਸੁਖਪਾਲ ਭੁੱਲਰ ਦਾ ਫੂਕਿਆ ਪੁਤਲਾ ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਜੋ ਮੌਤਾਂ ਹੋਈਆਂ, ਉਹ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਪਿੰਡ ਮਹਿਮੂਦਪੁਰਾ ਵਿੱਚ ਚਲਾਈ ਜਾ ਰਹੀ ਮਿੰਨੀ ਫੈਕਟਰੀ ਵਿੱਚ ਤਿਆਰ ਸ਼ਰਾਬ ਨਾਲ ਹੋਈਆਂ ਹਨ।
ਇਸ ਸਬੰਧੀ ਉਨ੍ਹਾਂ ਵੱਲੋਂ ਉਸ ਵੇਲੇ ਦੇ ਐੱਸਐੱਸਪੀ ਧਰੁਵ ਦਹੀਆ ਦੇ ਧਿਆਨ ਵਿੱਚ ਮਾਮਲਾ ਵੀ ਲਿਆਂਦਾ ਗਿਆ ਪਰ ਸਿਆਸੀ ਦਬਾਅ ਦੇ ਚੱਲਦੇ ਕੋਈ ਕਾਰਵਾਈ ਨਹੀਂ ਹੋਈ। ਜਦੋਂ ਹੁਣ ਸ਼ਰਾਬ ਕਾਰਨ ਮੌਤਾਂ ਹੋਈਆਂ, ਉਸ ਦਿਨ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਥੋਂ ਸ਼ਰਾਬ ਬਰਾਮਦ ਕਰਕੇ 2 ਲੋਕਾਂ ਵਿਰੁੱਧ ਪਰਚਾ ਦਰਜ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕਰਨ ਵਿੱਚ ਅਣਗਹਿਲੀ ਕੀਤੀ ਹੈ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜ਼ਿਕਰੇ ਖ਼ਾਸ ਹੈ ਕਿ ਜਿਥੇ ਇੱਕ ਪਾਸੇ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਇਕੱਠ ਕਰਨ ਤੋਂ ਮਨ੍ਹਾ ਕਰ ਰਹੀ ਹੈ, ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਧਰਨੇ ਦੇ ਨਾਂਅ 'ਤੇ ਇਕੱਠ ਕੀਤਾ ਜਾ ਰਿਹਾ ਹੈ।