ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੇ ਮਾਮਲੇ ਵਿੱਚ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਜਾਂਚ ਬਿਊਰੋ ਦੇ ਡਾਇਰੈਕਟਰ ਬੀ ਚੰਦਰ ਸੇਖਰ ਨੇ ਇਸ ਮਾਮਲੇ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਣਾਈ ਗਈ ਐਸਆਈਟੀ ਦੀ ਅਗਵਾਈ ਇੰਸਪੈਕਟਰ ਜਨਰਲ ਪੁਲਿਸ ਫਿਰੋਜ਼ਪੁਰ ਰੇਂਜ ਕਰ ਰਹੇ ਹਨ, ਜਦਕਿ ਦੋ ਮੈਂਬਰਾਂ ਵਿੱਚ ਐਸਐਸਪੀ ਤਰਨਤਾਰਨ ਅਤੇ ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਸ਼ਾਮਲ ਹਨ।
ਇਸ ਸਬੰਧ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਆਈਟੀ ਇਸ ਮਾਮਲੇ ਦੀ ਰੋਜ਼ਾਨਾ ਜਾਂਚ ਕਰੇਗੀ ਅਤੇ ਜਲਦੀ ਤੋਂ ਜਲਦੀ ਸਮਰੱਥ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਐਸਆਈਟੀ ਕੇਸ ਦੀ ਜਾਂਚ ਵਿੱਚ ਸਹਾਇਤਾ ਲਈ ਕਿਸੇ ਹੋਰ ਅਧਿਕਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ।
ਡੀਜੀਪੀ ਨੇ ਦੁਹਰਾਇਆ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਪੁਲਿਸ ਪੰਜਾਬ ਵਿੱਚ ਸ਼ਾਂਤੀਪੂਰਨ ਮਾਹੌਲ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗੀ।
ਇਹ ਵੀ ਪੜੋ:ਭਾਰਤ ਭੂਸ਼ਨ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਪਨਸਪ ਅਧਿਕਾਰੀਆਂ ਦੀ ਚੈਟ ਨੂੰ ਲੈਕੇ ਉੱਠ ਰਹੇ ਸਵਾਲ