ਲੁਧਿਆਣਾ: ਪੰਜਾਬੀ ਸਿਤਾਰੇ ਜਿੰਨ੍ਹਾਂ ਆਪਣੇ ਗੀਤਾਂ-ਫਿਲਮਾਂ ਨਾਲ ਸੁਰਖ਼ੀਆਂ ਵਿੱਚ ਰਹਿੰਦੇ ਹਨ, ਉਹਨਾਂ ਹੀ ਆਪਣੇ ਪ੍ਰਸ਼ੰਸਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਕਾਰਨ ਵੀ ਸੁਰਖ਼ੀਆਂ ਵਿੱਚ ਰਹਿੰਦੇ ਹਨ, ਉਹ ਸਮੇਂ ਸਮੇਂ ਉਤੇ ਦਰਸ਼ਕਾਂ ਨਾਲ ਕਈ ਤਰ੍ਹਾਂ ਦੇ ਸੁਨੇਹੇ ਅਤੇ ਅਪੀਲਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਇਸੇ ਲੜੀ ਵਿੱਚ ਇੱਕ ਨਿੱਜੀ ਰੈਸਟੋਰੈਂਟ ਵਿੱਚ ਪੰਜਾਬੀ ਦੇ ਮਸ਼ਹੂਰ ਗਾਇਕ ਪੰਮੀ ਬਾਈ ਪਹੁੰਚੇ, ਜਿੱਥੇ ਉਹਨਾਂ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣ ਦਾ ਸੁਨੇਹਾ ਦਿੱਤਾ ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਜ਼ਹਿਰੀਲਾ ਭੋਜਨ ਛੱਡ ਕੁਦਰਤੀ ਸਬਜ਼ੀਆਂ ਖਾਣ ਦੀ ਸਲਾਹ ਵੀ ਦਿੱਤੀ। ਉਹਨਾਂ ਨੇ ਲੋਕਾਂ ਨੂੰ ਬਦਲਦੇ ਮੌਸਮ ਵਿੱਚ ਚੰਗਾ ਭੋਜਨ ਖਾਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕਈ ਹੋਰ ਮੁੱਦਿਆਂ ਉਤੇ ਵੀ ਖੁੱਲ੍ਹ ਕੇ ਗੱਲ ਕੀਤੀ, ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ 'ਉਹ ਪੰਜਾਬ ਨੂੰ ਰੰਗਲਾ ਬਣਾਉਣ ਲਈ ਉਪਰਾਲੇ ਕਰਨ, ਇਸ ਵਿੱਚ ਉਹਨਾਂ ਦਾ ਸਾਥ ਪੰਜਾਬ ਦੇ ਲੋਕ ਦੇਣਗੇ। ਕਿਉਂਕਿ ਪੰਜਾਬ ਨੂੰ ਸਵਸਥ ਬਣਾਉਣਾ ਹਰ ਪੰਜਾਬੀ ਦਾ ਫਰਜ਼ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਿਆ ਕਰਦਿਆਂ ਕਿਹਾ ਕਿ 'ਮੰਦਭਾਗੀ ਘਟਨਾ ਹੈ ਅਤੇ ਇਨਸਾਫ਼ ਦੀ ਮੰਗ ਕਰਦੇ ਹਾਂ, ਸਿੱਧੂ ਮੂਸੇ ਵਾਲੇ ਦਾ ਕੇਸ ਪਹਿਲ ਦੇ ਆਧਾਰ ਉਤੇ ਹੱਲ ਹੋਣਾ ਚਾਹੀਦਾ ਹੈ। ਅਤੇ ਉਸਦੇ ਮਾਤਾ ਪਿਤਾ ਨੂੰ ਜਲਦੀ ਇਨਸਾਫ਼ ਮਿਲਣਾ ਚਾਹੀਦਾ ਹੈ।' ਇਸ ਮੌਕੇ ਗਾਇਕਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 'ਪੰਜਾਬ ਦੇ ਵਿੱਚ ਜਿੰਨੇ ਵੀ ਪੁਰਾਣੇ ਕਲਾਕਾਰ ਹਨ, ਉਨ੍ਹਾਂ ਲਈ ਸਰਕਾਰ ਨੂੰ ਕਈ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ। ਪੁਰਾਣੇ ਕਲਾਕਾਰਾਂ ਦੀ ਪੈਨਸ਼ਨ ਲੱਗਣੀ ਚਾਹੀਦੀ ਹੈ।