ਮੁੰਬਈ (ਬਿਊਰੋ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨ ਦਾ ਖ਼ਤਰਾ ਹੈ। ਅਜਿਹੇ 'ਚ ਅਦਾਕਾਰ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਨੂੰ ਵਧਾਉਂਦੇ ਹੋਏ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਹੈ। ਦਰਅਸਲ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੇ ਦੋ ਦਿੱਗਜ ਅਦਾਕਾਰ ਅਕਸ਼ੈ ਕੁਮਾਰ ਅਤੇ ਅਨੁਪਮ ਖੇਰ ਨੂੰ X ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ।
ਤੁਹਾਨੂੰ ਦੱਸ ਦੇਈਏ ਕਿ ਗਾਇਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਬਾਲੀਵੁੱਡ ਐਕਟਰ ਸਲਮਾਨ ਖਾਨ ਵੀ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ 'ਤੇ ਹਨ। ਉਦੋਂ ਤੋਂ ਮੁੰਬਈ ਪੁਲਿਸ ਚੌਕਸ ਹੋ ਗਈ ਅਤੇ ਅਦਾਕਾਰ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਛੱਡੀ। ਹੁਣ 1 ਨਵੰਬਰ ਨੂੰ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਕਸ਼ੇ ਕੁਮਾਰ ਅਤੇ ਅਨੁਪਮ ਖੇਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
ਸਲਮਾਨ ਖਾਨ ਨੂੰ ਕਦੋਂ ਮਿਲੀ ਧਮਕੀ?:ਮੀਡੀਆ ਰਿਪੋਰਟਾਂ ਮੁਤਾਬਕ 5 ਜੂਨ ਨੂੰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਸਵੇਰ ਦੀ ਸੈਰ ਦੌਰਾਨ ਬਾਂਦਰਾ ਬੈਂਡਸਟੈਂਡ 'ਤੇ ਇਕ ਅਣਪਛਾਤੀ ਚਿੱਠੀ ਮਿਲੀ। ਇਸ ਧਮਕੀ ਭਰੇ ਪੱਤਰ ਵਿੱਚ ਸਲਮਾਨ ਖਾਨ ਅਤੇ ਸਲੀਮ ਖਾਨ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਇੱਕ ਵਾਰ ਸਲਮਾਨ ਨੂੰ ਗੋਲੀ ਨਹੀਂ ਚਲਾ ਸਕੇ ਕਿਉਂਕਿ ਲਾਰੇਂਸ ਦੇ ਸ਼ਾਰਪ ਸ਼ੂਟਰ ਕੋਲ ਸਾਈਲੈਂਸਰ ਗੰਨ ਨਹੀਂ ਸੀ।