ਨਵੀਂ ਦਿੱਲੀ: ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਥਾਂਵਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ 643ਵਾਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਨੇ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਦੱਸ ਦਈਏ, ਦੇਸ਼ ਭਰ ਵਿੱਚ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਅਵਤਾਰ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਸਮਤਰਪਿਤ ਥਾਂ-ਥਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ ਤੇ ਸੰਗਤ ਦੂਰ-ਦੂਰ ਤੋਂ ਨਤਮਸਤਕ ਹੋ ਰਹੀ ਹੈ। ਤੁਹਾਨੂੰ ਦੱਸ ਦਈਏ, ਪਿਛਲੇ ਦਿਨੀਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਤੇ ਨਾਲ ਹੀ ਸ਼ੋਭਾ ਯਾਤਰਾ ਵੀ ਕੱਢੀ ਗਈ। ਇਸ ਤੋਂ ਇਲਾਵਾ ਜਲੰਧਰ ਦੀ ਬੂਟਾ ਮੰਡੀ ਵਿਖੇ 3 ਦਿਨਾਂ ਮੇਲਾ ਵੀ ਲਾਇਆ ਗਿਆ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਪਹੁੰਚੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਸ਼ੀ ਲਈ ਸ਼ਰਧਾਲੂਆਂ ਲਈ ਇੱਕ ਰੇਲ ਵੀ ਸ਼ੁਰੂ ਕੀਤੀ ਗਈ ਸੀ।