ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਵਿਸ਼ਵ ਸਿਹਤ ਸੰਗਠਨ (WHO) 'ਤੇ ਹਮਲਾ ਬੋਲਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸਿਹਤ ਸੰਸਥਾ ਚੀਨ ਦੀ ਕਠਪੁਤਲੀ ਹੈ।
ਟਰੰਪ ਨੇ ਦਾਅਵਾ ਕੀਤਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਵਧੇਰੇ ਲੋਕਾਂ ਦੀ ਮੌਤ ਹੋਣੀ ਸੀ ਜੇ ਉਹ ਚੀਨ ਤੋਂ ਯਾਤਰਾ 'ਤੇ ਪਾਬੰਦੀ ਨਾ ਲਗਾਉਂਦੇ, ਜਿਸਦਾ WHO ਨੇ ਵਿਰੋਧ ਕੀਤਾ ਸੀ।
ਡੋਨਾਲਡ ਟਰੰਪ ਵਿਸ਼ਵ ਸਿਹਤ ਸੰਗਠਨ ਦੀ ਸਮਰੱਥਾ ਅਤੇ ਭਰੋਸੇਯੋਗਤਾ 'ਤੇ ਲਗਾਤਾਰ ਸਵਾਲ ਖੜ੍ਹੇ ਕਰ ਰਹੇ ਹਨ। ਟਰੰਪ ਨੇ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੇਡ੍ਰੋਸ ਗੈਬ੍ਰੇਸਸ ਨੂੰ ਇੱਕ ਚਿੱਠੀ ਲਿਖ ਕੇ ਸਾਫ ਤੌਰ 'ਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਸ਼ਵ ਸਿਹਤ ਸੰਗਠਨ 30 ਦਿਨਾਂ ਦੇ ਅੰਦਰ ਕੋਈ ਠੋਸ ਸੁਧਾਰ ਨਹੀਂ ਕਰਦਾ ਹੈ ਤਾਂ ਉਹ ਅਮਰੀਕਾ ਵੱਲੋਂ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਫੰਡਿੰਗ ਨੂੰ ਹਮੇਸ਼ਾ ਦੇ ਲਈ ਰੋਕ ਦੇਣਗੇ।
ਦੱਸ ਦਈਏ ਕਿ ਬੀਤੇ ਮਹੀਨੇ ਟਰੰਪ ਨੇ ਕੋਵਿਡ-19 ਦੀ ਰੋਕਥਾਮ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਵੱਲੋਂ ਕੀਤੇ ਕੰਮ ਦੀ ਸਮੀਖਿਆ ਕਰਨ ਦੀ ਗੱਲ ਕਹੀ ਸੀ ਅਤੇ ਫੰਡਿੰਗ ਰੋਕ ਦਿੱਤੀ ਸੀ।
ਟਰੰਪ ਦਾ ਇਹ ਪੱਤਰ ਉਸ ਦਿਨ ਆਇਆ ਹੈ ਜਦੋਂ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ 90,000 ਤੋਂ ਉਪਰ ਹੋ ਗਈ ਹੈ ਅਤੇ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ ਹੋ ਗਈ ਹੈ।