ਨਿਊਯਾਰਕ: ਇੱਕ ਪਾਸੇ ਜਿੱਥੇ ਭਾਰਤ ਵਿੱਚ ਨਾਗਰਿਕਤਾ ਸੋਧ ਬਿੱਲ (ਸੀਏਏ) ਦਾ ਵਿਰੋਧ ਕੀਤੇ ਜਾ ਰਿਹਾ ਹੈ, ਦੂਜੇ ਪਾਸੇ ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੇ ਇਸ ਦਾ ਸਮਰਥਨ ਕੀਤਾ ਹੈ। ਭਾਰਤੀ ਮੂਲ ਦੇ ਲੋਕਾਂ ਨੇ ਸੀਏਏ ਦੇ ਸਮਰਥਨ ਵਿੱਚ ਵੱਖ-ਵੱਖ ਥਾਵਾਂ ਉੱਤੇ ਪ੍ਰੋਗਰਾਮ ਕੀਤੇ ਅਤੇ ਇਸ ਨੂੰ ਭਾਰਤ ਸਰਕਾਰ ਵੱਲੋਂ ਚੁੱਕਿਆ ਇਤਿਹਾਸਕ ਕਦਮ ਦੱਸਿਆ ਹੈ।
ਸੀਏਏ ਮੁਤਾਬਕ ਜੋ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਲੋਕ ਧਾਰਮਿਕ ਤਸ਼ੱਦਦ ਤੋਂ ਤੰਗ ਹੋ ਕੇ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ 31 ਦਸੰਬਰ, 2014 ਤੱਕ ਭਾਰਤ ਆ ਗਏ ਹਨ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।
ਭਾਰਤੀ-ਅਮਰੀਕੀਆਂ ਦਾ ਇੱਕ ਸਮੂਹ ਐਤਵਾਰ ਨੂੰ ਟਾਈਮਜ਼ ਸਕਾਇਰ 'ਤੇ ਇਕੱਠਾ ਹੋਇਆ। ਉਨ੍ਹਾਂ ਦੇ ਹੱਥਾਂ ਵਿੱਚ ਪੋਸਟਰ ਸਨ ਅਤੇ ਉਹ ਸੀਏਏ ਤੇ ਨਰਿੰਦਰ ਮੋਦੀ ਸਰਕਾਰ ਦੇ ਸਮਰਥਨ ਵਿੱਚ ਨਾਅਰੇ ਲਗਾ ਰਹੇ ਸਨ।