ਲੰਡਨ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਨਿੱਜੀ ਡਾਕਟਰ ਅਦਨਾਨ ਮਲਿਕ 'ਤੇ ਸੋਮਵਾਰ ਰਾਤ ਲੰਡਨ 'ਚ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਪਾਕਿਸਤਾਨੀ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ ਮਲਿਕ ਸੈਰ 'ਤੇ ਗਏ ਸਨ, ਜਦੋਂ ਦੋ ਨਕਾਬਪੋਸ਼ ਹਮਲਾਵਰਾਂ ਨੇ ਸਟੀਲ ਦੀ ਰਾਡ ਨਾਲ ਉਸ 'ਤੇ ਹਮਲਾ ਕਰ ਦਿੱਤਾ।
ਉਸਦੇ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਡਾ. ਮਲਿਕ ਦੇ ਚਿਹਰੇ ਅਤੇ ਸਰੀਰ 'ਤੇ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਸਕਾਟਲੈਂਡ ਯਾਰਡ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਸੜਕ 'ਤੇ ਹੋਣ ਵਾਲੇ ਅਪਰਾਧ (ਸਟ੍ਰੀਟ ਅਪਰਾਧ) ਦੀ ਤਰ੍ਹਾ ਲਿਆ ਜਾ ਰਿਹਾ ਹੈ ਕਿਉਂਕਿ ਦੋਨਾਂ ਹਮਲਾਵਰਾਂ ਨੇ ਡਾਕਟਰ ਤੋਂ ਉਨ੍ਹਾਂ ਦੀ ਘੜੀ ਲੁੱਟੀ ਹੈ। ਪਰ ਨਵਾਜ਼ ਸ਼ਰੀਫ ਦੀ ਪਾਰਟੀ ਦੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੇ ਕਿਹਾ ਹੈ ਕਿ ਇਹ ਹਮਲਾ ਸਾਬਕਾ ਪ੍ਰਧਾਨ ਮੰਤਰੀ ਦੇ ਇਲਾਜ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਹੈ।