ਢਾਕਾ: ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁੱਲ ਹਮੀਦ ਨੇ ਮੰਗਲਵਾਰ ਨੂੰ ਬਲਾਤਕਾਰ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸਜ਼ਾ ਵਿੱਚ ਵਾਧਾ ਕਰਦਿਆਂ ਮੌਤ ਦੀ ਸਜ਼ਾ ਬਾਰੇ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ। ਬੰਗਲਾਦੇਸ਼ ਵਿੱਚ ਹੁਣ ਤੱਕ ਅਜਿਹੇ ਮਾਮਲਿਆਂ ਵਿੱਚ ਸਭ ਤੋਂ ਵੱਧ ਸਜ਼ਾ ਉਮਰ ਕੈਦ ਦੀ ਹੈ।
ਹਾਲ ਹੀ ਦੇ ਦਿਨਾਂ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਸਨ। ਬੰਗਲਾਦੇਸ਼ ਦੀ ਮੰਤਰੀ ਮੰਡਲ ਨੇ ਇੱਕ ਦਿਨ ਪਹਿਲਾਂ ਬਲਾਤਕਾਰ ਦੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਦੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਰਾਸ਼ਟਰਪਤੀ ਭਵਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕੈਬਨਿਟ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਹਿਲਾ ਅਤੇ ਬਾਲ ਅੱਤਿਆਚਾਰ ਰੋਕੂ ਕਾਨੂੰਨ ਨਾਲ ਸਬੰਧਤ ਆਰਡੀਨੈਂਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਕਾਨੂੰਨ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ ਕਿ ਬਲਾਤਕਾਰ ਦੀ ਸਭ ਤੋਂ ਵੱਧ ਸਜ਼ਾ ਹੁਣ ਸਖ਼ਤ ਉਮਰ ਕੈਦ ਦੀ ਬਜਾਏ ਮੌਤ ਦੀ ਸਜ਼ਾ ਹੋਵੇਗੀ।
ਪਿਛਲੇ ਹਫਤੇ ਬੰਗਲਾਦੇਸ਼ ਵਿੱਚ ਬਰਬਰ ਬਲਾਤਕਾਰ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਬਲਾਤਕਾਰੀਆਂ ਨੂੰ ਫਾਂਸੀ ਦੀ ਮੰਗ ਕੀਤੀ ਸੀ।