ਨਵੀਂ ਦਿੱਲੀ: ਪਾਕਿਸਤਾਨ ਦੇ ਮੁੱਖ ਵਿਰੋਧੀ ਧਿਰ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕਣਗੇ। ਇਸ ਟਿੱਪਣੀ ਕਰਨ ਦੀ ਵਜ੍ਹਾ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜਨਤਾ ਉਨ੍ਹਾਂ ਦੇ ਪ੍ਰਸ਼ਾਸਨ ਦੀਆਂ ਨੀਤੀਆਂ ਤੋਂ ਨਾਖੁਸ਼ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਪ੍ਰਧਾਨ ਬਿਲਾਵਲ ਨੇ ਜਿੰਨਾ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ (ਜੇਪੀਐਮਸੀ) ਦੀ ਆਪਣੀ ਫੇਰੀ ਦੌਰਾਨ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀ ਕੀਤੀ।
ਬਿਲਾਵਲ ਨੇ ਕਿਹਾ ਕਿ ਡਾਨ ਅਖ਼ਬਾਰ ਦੀਆਂ ਖ਼ਬਰਾਂ ਮੁਤਾਬਕ ਸੰਘੀ ਸਰਕਾਰ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਹਰ ਕੋਈ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਿਹਾ ਹੈ ਕਿਉਂਕਿ ਹਰ ਕੋਈ ਇਸ ਕਠਪੁਤਲੀ ਸਰਕਾਰ ਤੋਂ ਤੰਗ ਆ ਚੁੱਕਾ ਹੈ।