ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਮਾਰੇ ਗਏ ਸਿੱਥਾਂ ਦੇ ਅੰਤਿਮ ਸਸਕਾਰ ਵਾਲੀ ਥਾਂ ਦੇ ਨੇੜੇ ਬੰਬ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਹੁਣ ਤੱਕ ਕਿਸੇ ਦੇ ਫੱਟੜ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਜਿਸ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਚਿੰਤਾ ਜ਼ਾਹਿਰ ਕੀਤੀ ਹੈ।
ਕਾਬੁਲ ਹਮਲਾ: ਅੰਤਿਮ ਸਸਕਾਰ ਵਾਲੀ ਥਾਂ ਨੇੜੇ ਬੰਬ ਧਮਾਕੇ, ਵਿਦੇਸ਼ ਮੰਤਰੀ ਨੇ ਜਤਾਈ ਚਿੰਤਾ ਵਿਦੇਸ਼ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡਾ ਦੂਤਘਰ ਕਾਬੁਲ ਦੇ ਸੁਰੱਖਿਆ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। ਐਸ ਜੈਸ਼ੰਕਰ ਨੇ ਉੱਥੇ ਮੌਜੂਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ 'ਚ ਸੁਰੱਖਿਅਤ ਵਾਪਸ ਪਹੁੰਚਾਉਣ ਦੀ ਗੱਲ ਕਹੀ ਹੈ।
ਦੱਸਦਈਏ ਕਿ ਬੁਧਵਾਰ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ 'ਚ 25 ਸਿੱਖਾਂ ਦੀ ਮੌਤ ਅਤੇ ਕਈ ਲੋਕਾਂ ਜ਼ਖ਼ਮੀ ਹੋਏ ਸਨ। ਇਸ ਦੌਰਾਨ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਪੁਲਿਸ ਵੱਲੋਂ ਮਾਰ ਗਿਰਾਇਆ ਗਿਆ ਸੀ।
ਭਾਰਤ ਦੇ ਰਾਜਦੂਤ ਨੇ ਕੀਤਾ ਗੁਰਦੁਆਰੇ ਦਾ ਦੌਰਾ
ਅਫਗਾਨਿਸਤਾਨ ਵਿੱਚ ਭਾਰਤ ਦੇ ਰਾਜਦੂਤ ਵਿਜੈ ਕੁਮਾਰ ਨੇ ਗੁਰਦੁਆਰੇ ਦਾ ਦੌਰਾ ਕੀਤਾ ਅਤੇ ਅੱਤਵਾਦੀ ਹਮਲੇ ਦੇ ਪੀੜਤ ਲੋਕਾਂ ਦੇ ਅਤੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਭਾਰਤ ਵਲੋਂ ਨਿੰਦਾ
ਭਾਰਤ ਨੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਹਮਲੇ ਦੇ ਦੋਸ਼ੀਆਂ ਤੇ ਉਨ੍ਹਾਂ ਦੇ ਹਮਾਇਤੀਆਂ ਦੀ 'ਦਵੈਤਵਾਦੀ ਸੋਚ' ਪ੍ਰਤੀਬਿੰਬਤ ਹੁੰਦੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹੈ । ਮੰਤਰਾਲੇ ਅਨੁਸਾਰ ਭਾਰਤ, ਅਫਗਾਨਿਸਤਾਨ ਦੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਪ੍ਰਭਾਵਿਤ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।
ਵਰਲਡ ਸਿੱਖ ਪਾਰਲੀਮੈਂਟ ਵਲੋਂ ਕਾਬੁਲ ਹਮਲੇ ਦੀ ਨਿੰਦਾ
ਵਰਲਡ ਸਿੱਖ ਪਾਰਲੀਮੈਂਟ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਸਪੀਕਰ ਭਾਈ ਜੋਗਾ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਥਾਨਕ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਅਫ਼ਗਾਨਿਸਤਾਨ ਸਰਕਾਰ ਤੋਂ ਸਿੱਖਾਂ ਦੇ ਧਾਰਮਿਕ ਅਸਥਾਨਾਂ ਤੇ ਬਹੁਗਿਣਤੀ ਸਿੱਖ ਵਸੋਂ ਵਾਲੇ ਇਲਾਕਿਆਂ 'ਚ ਸੁਰੱਖਿਆ ਨੂੰ ਹੋਰ ਵਧਾਉਣ ਦੀ ਮੰਗ ਕੀਤੀ।