ਪਾਕਿ ਫੌਜ ਮੁੱਖੀ ਦਾ ਕਾਰਜਕਾਲ ਤਿੰਨ ਸਾਲਾਂ ਲਈ ਹੋਰ ਵਧਿਆ
ਪਾਕਿਸਤਾਨ ਸਰਕਾਰ ਨੇ ਉਥੋਂ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਹੋਰ ਸਾਲਾਂ ਲਈ ਵਧਾ ਦਿੱਤਾ ਹੈ।
ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਹੱਕ 'ਚ ਇੱਕ ਵੱਡਾ ਫੈਸਲਾ ਲਿਆ ਹੈ। ਪਾਕਿਸਤਾਨ ਸਰਕਾਰ ਨੇ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਨੂੰ ਤਿੰਨ ਸਾਲਾਂ ਲਈ ਵਧਾ ਦਿੱਤਾ ਹੈ।
ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤਰ ਦੀ ਸੁਰੱਖਿਆ ਸਥਿਤੀ ਨੂੰ ਵੇਖਦਿਆਂ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਅਗਲੇ ਤਿੰਨ ਸਾਲਾਂ ਲਈ ਵਧਾਇਆ ਜਾਂਦਾ ਹੈ। ਹੁਣ ਬਾਜਵਾ 2022 ਤਕ ਇਸ ਅਹੁਦੇ ‘ਤੇ ਬਣੇ ਰਹਿਣਗੇ।
ਦੱਸਣਯੋਗ ਹੈ ਕਿ ਬਾਜਵਾ ਨੂੰ ਨਵਾਜ਼ ਸ਼ਰੀਫ ਸਰਕਾਰ ਦੇ ਕਾਰਜਕਾਲ ਦੌਰਾਨ 29 ਨਵੰਬਰ 2016 ਨੂੰ ਬਤੌਰ ਫੌਜ ਮੁਖੀ ਨਿਯੁਕਤ ਕੀਤਾ ਗਿਆ ਸੀ। 58 ਸਾਲਾ ਬਾਜਵਾ ਦੇ ਇਸੇ ਸਾਲ ਸੇਵਾ ਮੁਕਤ ਹੋਣ ਦੀ ਸੰਭਾਵਨਾ ਸੀ।
ਬਾਜਵਾ ਕੋਲ ਕਸ਼ਮੀਰ ਤੇ ਪਾਕਿਸਤਾਨ ਦੇ ਉੱਤਰੀ ਖੇਤਰਾਂ ਦੇ ਮੁੱਦਿਆਂ ਨਾਲ ਨਜਿੱਠਣ ਦਾ ਵਿਸ਼ੇਸ਼ ਤਜ਼ਰਬਾ ਹੈ। ਇਹੀ ਕਾਰਨ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਬਾਜਵਾ ਦਾ ਕਾਰਜਕਾਲ ਵਧਾ ਦਿੱਤਾ ਹੈ।
ਦੂਜੇ ਪਾਸੇ, ਭਾਰਤ ਨਾਲ ਵਿਗੜਿਆ ਰਿਸ਼ਤਾ ਵੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਧਾਉਣ ਦਾ ਮੁੱਖ ਕਾਰਨ ਹੋ ਸਕਦਾ ਹੈ।