ਇਸਲਾਮਾਬਾਦ: ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਛੋਟ ਹੈ ਅਤੇ ਉਹ ਅਗਲੇ ਇਕ ਸਾਲ ਲਈ ਬਿਨਾਂ ਪਾਸਪੋਰਟ ਤੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਕਰ ਸਕਣਗੇ।
ਮੰਤਰਾਲੇ ਨੇ ਕਿਹਾ ਹੈ ਕਿ ਪਾਕਿਸਤਾਨ ਨੇ ਇਹ ਫੈਸਲਾ ਸੰਗਤ ਲਈ ਸਦਭਾਵਨਾ ਦੇ ਸੰਕੇਤ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਸੀ ਕਿ ਇਸ ਸਾਲ 12 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਕੋਈ ਮਜਬੂਰੀ ਨਹੀਂ ਹੋਵੇਗੀ ਪਰ ਇਸ ਦੇ ਬਾਅਦ ਸੈਨਾ ਦੇ ਬੁਲਾਰੇ ਨੇ ਇੱਕ ਬਿਆਨ ਦਿੱਤਾ ਕਿ ਕਰਤਾਰਪੁਰ ਆਉਣ ਵਾਲੇ ਸ਼ਰਧਾਲੂਆਂ ਨੂੰ ਨਾਲ ਇੱਕ ਪਾਸਪੋਰਟ ਲਿਆਉਣਾ ਪਵੇਗਾ।
ਪਾਕਿਸਤਾਨ ਵਿਦੇਸ਼ ਮੰਤਰਾਲੇ ਬੁਲਾਰੇ ਡਾ: ਮੁਹੰਮਦ ਫੈਸਲ ਨੇ ਕਿਹਾ ਕਿ ਇਸ ਸਾਲ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਨਾਲ ਲੈ ਕੇ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਪੂਰੇ ਇੱਕ ਸਾਲ ਤੱਕ ਇਸ ਤੋਂ ਛੋਟ ਦਿੱਤੀ ਜਾਵੇਗੀ।
ਪਾਕਿ ਸੈਨਾ ਦੇ ਮੀਡੀਆ ਵਿੰਗ ਦੇ ਮੁਖੀ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਸੀ ਕਿ ਸੁਰੱਖਿਆ ਲਈ ਇਹ ਜ਼ਰੂਰੀ ਹੈ। ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।