ਲੰਡਨ: ਪਹਿਲੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਜੂਨ 1984 'ਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀ ਬ੍ਰਿਟਿਸ਼ ਪਾਰਲੀਮੈਂਟ ਵਿੱਚ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਸਮੇਂ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬ੍ਰਿਟਿਸ਼ ਸਰਕਾਰ ਦੀ ਇਸ ਆਪ੍ਰੇਸ਼ਨ ਵਿੱਚ ਸ਼ਮੂਲੀਅਤ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।
ਬ੍ਰਿਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਢੇਸੀ ਨੇ ਵੀਰਵਾਰ ਨੂੰ ਹਾਊਸ ਆਫ਼ ਕਾਮਨਜ਼ ਵਿੱਚ 36 ਸਾਲ ਪਹਿਲਾਂ ਹੋਏ ਇਸ ਆਪ੍ਰੇਸ਼ਨ ਦਾ ਮੁੱਦਾ ਚੁੱਕਿਆ ਅਤੇ ਇਸ ਮੁੱਦੇ 'ਤੇ ਬਹਿਸ ਲਈ ਵੀ ਸੱਦਾ ਦਿੱਤਾ। ਢੇਸੀ ਨੇ ਕਿਹਾ ਕਿ ਇਸ ਹਫ਼ਤੇ ਉਸ ਘਿਨਾਉਣੀ ਘਟਨਾ ਨੂੰ 36 ਸਾਲ ਹੋ ਗਏ ਹਨ। ਦੱਸ ਦਈਏ ਕਿ 36 ਸਾਲ ਪਹਿਲਾਂ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਭਾਰਤੀ ਵੱਲੋਂ ਹਮਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਤਾਜ਼ਾ ਖੁਲਾਸੇ ਹੋਣ, ਬ੍ਰਿਟਿਸ਼ ਸਿੱਖ ਭਾਈਚਾਰੇ ਦੀ ਵੱਡੀ ਮੰਗ, ਲੇਬਰ ਪਾਰਟੀ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਹਿਮਾਇਤ ਦੇ ਬਾਵਜੂਦ ਵੀ ਹਮਲੇ ਵਿੱਚ ਥੈਚਰ ਸਰਕਾਰ ਦੀ ਸ਼ਮੂਲੀਅਤ ਬਾਰੇ ਅਜੇ ਤੱਕ ਸੁਤੰਤਰ ਜਾਂਚ ਨਹੀਂ ਹੋ ਸਕੀ ਹੈ।