ਲੰਡਨ: ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਬ੍ਰਿਟੇਨ ਦੀ ਹਾਈ ਕੋਰਟ ਨੇ ਝਟਕਾ ਦਿੰਦਿਆਂ ਉਸ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਮਾਲਿਆ ਭਾਰਤੀ ਬੈਂਕਾਂ ਦੇ ਨਾਲ 9000 ਕਰੋੜ ਰੁਪਏ ਦੀ ਧੋਖਾਧੜੀ ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੋੜੀਂਦਾ ਹੈ।
ਵਿਜੇ ਮਾਲਿਆ ਨੂੰ ਬ੍ਰਿਟਿਸ਼ ਕੋਰਟ ਵੱਲੋਂ ਵੱਡਾ ਝਟਕਾ
ਬ੍ਰਿਟੇਨ ਦੀ ਹਾਈ ਕੋਰਟ ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿੱਚ ਉਸ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਇਜਾਜ਼ਤ ਮੰਗੀ ਸੀ।
ਬ੍ਰਿਟਿਸ਼ ਕਾਨੂੰਨ ਅਨੁਸਾਰ ਹੁਣ ਹਾਈ ਕੋਰਟ ਵੱਲੋਂ ਇੱਕ ਸਮਾਂ ਸੀਮਾ ਤੈਅ ਕੀਤੀ ਜਾਵੇਗੀ, ਜਿਸ ਵਿੱਚ ਮਾਲਿਆ ਦੀ ਹਵਾਲਗੀ ਦੀ ਪੂਰੀ ਪ੍ਰਕਿਰਿਆ ਕੀਤੀ ਜਾਵੇਗੀ। ਇਸ ਤੋਂ ਪਹਿਲਾਂ, ਇੰਗਲੈਂਡ ਅਤੇ ਵੇਲਜ਼ ਦੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਭਾਰਤ ਹਵਾਲਗੀ ਵਿਰੁੱਧ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਵਿਜੇ ਮਾਲਿਆ ਨੇ ਕੋਰੋਨਾ ਵਾਇਰਸ ਚੁਣੌਤੀ ਤੋਂ ਦੇਸ਼ ਦੀ ਅਰਥਵਿਵਸਥਾ ਨੂੰ ਉਭਾਰਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ 20 ਲੱਖ ਕਰੋੜ ਦੇ ਵਿਸ਼ੇਸ਼ ਪੈਕੇਜ 'ਤੇ ਵਧਾਈ ਦਿੰਦੇ ਹੋਏ ਟਵੀਟ ਕਰਕੇ ਇੱਕ ਵਾਰ ਮੁੜ ਸਰਕਾਰ ਨੂੰ ਸਾਰਾ ਕਰਜ਼ਾ ਭੁਗਤਾਨ ਕਰਨ ਦੀ ਪੇਸ਼ਕਸ਼ ਕੀਤੀ ਅਤੇ ਉਸ ਦੇ ਖ਼ਿਲਾਫ਼ ਸਾਰੇ ਮਾਮਲੇ ਖ਼ਤਮ ਕਰਨ ਦੀ ਬੇਨਤੀ ਕੀਤੀ ਹੈ।