ਨਵੀਂ ਦਿੱਲੀ: ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਇਸ ਬਿੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੇ ਸਾਰੇ ਨਿਯਮਾਂ ਦੀ ਉਲੰਘਣਾ ਕਰਦਾ ਹੈ।'
ਨਾਗਰਿਕਤਾ ਸੋਧ ਬਿੱਲ 'ਤੇ ਭੜਕੇ ਇਮਰਾਨ ਖ਼ਾਨ, ਕਿਹਾ ਭਾਰਤ ਨੇ ਕੀਤੀ ਨਿਯਮਾਂ ਦੀ ਉਲੰਘਣਾ - ਇਮਰਾਨ ਖ਼ਾਨ
ਲੋਕਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਮਗਰੋਂ ਦੇਸ਼ ਦੇ ਕਈ ਰਾਜਾਂ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਇਸ ਬਿੱਲ 'ਤੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਇਮਰਾਨ ਖਾਨ ਨੇ ਟਵੀਟ ਕਰਦੇ ਹੋਏ ਲਿਖਿਆ, ਕਿ 'ਅਸੀਂ ਭਾਰਤ ਦੀ ਲੋਕ ਸਭਾ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਬਿੱਲ ਦਾ ਵਿਰੋਧ ਕਰਦੇ ਹਾਂ। ਇਹ ਕਾਨੂੰਨ ਪਾਕਿਸਤਾਨ ਨਾਲ ਦੁਵੱਲੇ ਸਮਝੌਤਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦੀ ਉਲੰਘਣਾ ਕਰਦਾ ਹੈ। ਇਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਹਿੰਦੂ ਰਾਸ਼ਟਰ ਦਾ ਏਜੰਡਾ ਹੈ ਜਿਸ ਨੂੰ ਹੁਣ ਮੋਦੀ ਸਰਕਾਰ ਲਾਗੂ ਕਰ ਰਹੀ ਹੈ।
ਦੱਸਦਈਏ ਕਿ ਨਾਗਰਿਕਤਾ ਸੋਧ ਬਿੱਲ ਜੋ ਸੋਮਵਾਰ ਨੂੰ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਹੈ, ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਹਿੰਦੂ, ਬੋਧ, ਜੈਨ, ਪਾਰਸੀ, ਸਿੱਖ, ਈਸਾਈ ਸ਼ਰਨਾਰਥੀ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰ ਸਕਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਕਾਨੂੰਨਾਂ ਤਹਿਤ ਇਕ ਇਸਲਾਮੀ ਦੇਸ਼ ਹੈ, ਇਸ ਲਈ ਉੱਥੇ ਕੋਈ ਮੁਸਲਿਮ ਘੱਟ ਗਿਣਤੀ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਇਸ ਬਿੱਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।