ਯਰੂਸ਼ਲਮ: ਇਜ਼ਰਾਈਲ ਵਿੱਚ ਤਕਰੀਬਨ 1000 ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਅਸਤੀਫੇ ਦੀ ਮੰਗ ਕਰਦਿਆਂ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਯਰੂਸ਼ਲਮ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।
ਇਜ਼ਰਾਈਲ ਵਿੱਚ ਲੋਕ ਕਈ ਮਹੀਨਿਆਂ ਤੋਂ ਨੇਤਨਯਾਹੂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਨੇਤਨਯਾਹੂ ਖਿਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਅਤੇ ਇਜ਼ਰਾਈਲ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਵਿੱਚ ਉਸਦੀ ਅਸਫ਼ਲਤਾ ਕਾਰਨ ਉਸ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਦੇਸ਼ ਵਿੱਚ ਦੋ ਵਾਰ ਕੀਤੀ ਤਾਲਾਬੰਦੀ ਤੋਂ ਬਾਅਦ ਆਰਥਿਕਤਾ ਕਮਜ਼ੋਰ ਹੋ ਗਈ ਹੈ ਅਤੇ ਲੱਖਾਂ ਇਜ਼ਰਾਈਲੀ ਬੇਰੁਜ਼ਗਾਰ ਹੋ ਗਏ ਹਨ। ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ।
ਹਾਲਾਂਕਿ ਸਰਦੀਆਂ ਦੀ ਆਮਦ ਕਾਰਨ ਛੇ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਲੋਕਾਂ ਦੀ ਗਿਣਤੀ ਘੱਟ ਗਈ ਹੈ, ਪਰ ਉਹ ਆਪਣੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਹੇ ਹਨ। ਸਾਰੇ ਪ੍ਰਦਰਸ਼ਨਕਾਰੀਆਂ ਨੇ ਕੋਰੋਨਾ ਦੀ ਲਾਗ ਤੋਂ ਬਚਣ ਲਈ ਮਾਸਕ ਪਾਏ ਹੋਏ ਸਨ, ਪਰ ਸਮਾਜਿਕ ਦੂਰੀ ਦੇ ਕਾਨੂੰਨ ਦੀ ਪਾਲਣਾ ਨਹੀਂ ਕੀਤੀ ਗਈ ਸੀ।