ਟੋਰਾਂਟੋ: ਕੈਨੇਡਾ ਨੇ ਸੋਮਵਾਰ ਨੂੰ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ (Canada Expels Indian Diplomat) ਨੂੰ ਕੱਢ ਦਿੱਤਾ ਅਤੇ ਦੇਸ਼ ਛੱਡਣ ਦਾ ਵੀ ਹੁਕਮ ਦਿੱਤਾ। ਕੈਨੇਡਾ ਸਰਕਾਰ ਨੇ ਭਾਰਤੀ ਡਿਪਲੋਮੈਟ 'ਤੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਦਾ ਕਤਲ ਕਰਨ ਦੇ ਇਲਜ਼ਾਮ ਲਾਏ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨ ਅਖਵਾਉਣ ਵਾਲੇ ਆਜ਼ਾਦ ਸਿੱਖ ਹੋਮਲੈਂਡ ਦੇ ਮਜ਼ਬੂਤ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਡਿਪਲੋਮੈਟ ਦਾ ਹੱਥ ਹੋਣ ਦੇ ਪੁਖਤਾ ਸਬੂਤ ਹਨ। ਦੱਸ ਦੇਈਏ ਕਿ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਸਿੱਖ ਕਲਚਰਲ ਸੈਂਟਰ ਦੇ ਬਾਹਰ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦਾ (Murder of pro Khalistan leader Hardeep Nijjar) ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਟਰੂਡੋ ਨੇ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ: ਇਸ ਤੋਂ ਪਹਿਲਾਂ ਟਰੂਡੋ ਨੇ ਕੈਨੇਡੀਅਨ ਸੰਸਦ ਨੂੰ ਦੱਸਿਆ ਕਿ ਉਨ੍ਹਾਂ ਨੇ ਜੀ-20 ਸੰਮੇਲਨ ਲਈ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੋਲ ਇਸ ਕਤਲੇਆਮ ਦਾ ਮੁੱਦਾ ਚੁੱਕਿਆ ਸੀ। ਟਰੂਡੋ ਨੇ ਸੰਸਦ 'ਚ ਕਿਹਾ ਕਿ, 'ਮੈਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਇਸ ਮਾਮਲੇ ਵਿੱਚ ਅਸਵੀਕਾਰਨਯੋਗ ਹੋਵੇਗੀ। ਮੈਂ ਮੋਦੀ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ,'।
ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਵੀ ਦਿੱਤਾ ਬਿਆਨ :ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ ਵਿੱਚੋਂ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਗਿਆ ਹੈ। ਜੋਲੀ ਨੇ ਕਿਹਾ ਕਿ ਜੇਕਰ ਇਲਜ਼ਾਮ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾਅਨ ਪ੍ਰਭੂਸੱਤਾ ਦੀ ਵੱਡੀ ਉਲੰਘਣਾ ਹੋਵੇਗੀ ਅਤੇ ਦੇਸ਼ ਇੱਕ ਦੂਜੇ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਨ ਉਸ ਸਮਝੌਤੇ ਦੇ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ।
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਕੋਲ ਵੀ ਚੁੱਕਿਆ ਸੀ ਮੁੱਦਾ : ਜੋਲੀ ਨੇ ਕਿਹਾ ਕਿ ਟਰੂਡੋ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕੋਲ ਵੀ ਚੁੱਕਿਆ ਸੀ। ਕੈਨੇਡਾ ਅਤੇ ਭਾਰਤ ਦੇ ਸਬੰਧ ਪਿਛਲੇ ਕੁੱਝ ਮਹੀਨਿਆਂ ਤੋਂ ਤਣਾਅਪੂਰਨ ਬਣੇ ਹੋਏ ਹਨ। ਵਪਾਰਕ ਗੱਲਬਾਤ ਪਟੜੀ ਤੋਂ ਉਤਰ ਗਈ ਹੈ। ਕੈਨੇਡਾ ਨੇ ਭਾਰਤ ਲਈ ਤਿਆਰ ਇੱਕ ਵਪਾਰਕ ਮਿਸ਼ਨ ਨੂੰ ਰੱਦ ਕਰ ਦਿੱਤਾ ਹੈ ਜੋ ਇਸ ਸਾਲ ਦੇ ਅੰਤ ਵਿੱਚ ਕਰਨ ਦੀ ਯੋਜਨਾ ਸੀ। ਵਿਰੋਧੀ ਧਿਰ ਕੰਜ਼ਰਵੇਟਿਵ ਨੇਤਾ ਪਿਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਇਲਜ਼ਾਮ ਸਹੀ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਦਾ ਅਪਮਾਨ ਹੈ।
ਇਸ ਤੋਂ ਪਹਿਲਾਂ ਟਰੂਡੋ ਨੇ ਪਾਰਲੀਮੈਂਟ ਵਿੱਚ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸੰਭਾਵਿਤ ਸਬੰਧਾਂ ਦੇ ਭਰੋਸੇਯੋਗ ਇਲਜ਼ਾਮਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਭਾਰਤ ਸਰਕਾਰ ਕੋਲ ਆਪਣੀਆਂ ਡੂੰਘੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।